ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਕਦਮ, ਰੰਜਮ ਕਾਮਰਾ ਅਤੇ ਕੇਵਲ ਸਿੰਘ ਢਿੱਲੋਂ ਦੀ ਪਹਿਲਕਦਮੀ ਤੋਂ ਬਾਅਦ ਬਣੀ ਵਿਸ਼ੇਸ਼ ਟੀਮ ਬਿਤੇਦੀਨੀ ਫ਼ਾਜ਼ਿਲਕਾ ਵਿਖੇ ਭਾਰੀ ਬਰਸਾਤ ਕਾਰਨ ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਵਿੱਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮਾਮਲਾ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਮੰਡੀ ਵਿੱਚ ਜਲਭਰਾਅ ਦੀ ਸਮੱਸਿਆ ਦੇ ਹੱਲ ਅਤੇ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਛੇ ਮੈਂਬਰੀ ਮਾਹਿਰ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਕੇ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕਰੇਗੀ।
Publish Date: Thu, 15 Oct 2026 02:26 PM (IST)
Updated Date: Thu, 15 Oct 2026 02:27 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਬਿਤੇਦੀਨੀ ਫ਼ਾਜ਼ਿਲਕਾ ਵਿਖੇ ਭਾਰੀ ਬਰਸਾਤ ਕਾਰਨ ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਵਿੱਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮਾਮਲਾ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਮੰਡੀ ਵਿੱਚ ਜਲਭਰਾਅ ਦੀ ਸਮੱਸਿਆ ਦੇ ਹੱਲ ਅਤੇ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਛੇ ਮੈਂਬਰੀ ਮਾਹਿਰ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਕੇ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕਰੇਗੀ।
ਇਸ ਮਾਮਲੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਭਾਜਪਾ ਦੇ ਸੂਬਾ ਸਕੱਤਰ ਰੰਜਮ ਕਾਮਰਾ ਵੱਲੋਂ ਪਹਿਲਕਦਮੀ ਕੀਤੀ ਗਈ। ਮੰਡੀ ਵਿੱਚ ਪਾਣੀ ਭਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਆੜ੍ਹਤੀ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਸੰਜੀਵ ਗੋਲਡੀ ਸਚਦੇਵਾ ਨਾਲ ਮੁਲਾਕਾਤ ਕੀਤੀ ਸੀ।
ਇਸ ਦੌਰਾਨ ਸੰਜੀਵ ਗੋਲਡੀ ਸਚਦੇਵਾ ਨੇ ਮੰਡੀ ਵਿੱਚ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ, ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰੰਜਮ ਕਾਮਰਾ ਨੇ ਇਹ ਮਾਮਲਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਸੰਜੀਵ ਗੋਲਡੀ ਸਚਦੇਵਾ ਦੀ ਦੋਵਾਂ ਸੀਨੀਅਰ ਆਗੂਆਂ ਨਾਲ ਗੱਲਬਾਤ ਵੀ ਕਰਵਾਈ ਗਈ, ਤਾਂ ਜੋ ਮੰਡੀ ਦੀ ਅਸਲ ਸਥਿਤੀ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਕੇਂਦਰੀ ਮੰਤਰੀ ਨੇ ਪੱਤਰ ਰਾਹੀਂ ਦਿੱਤੀ ਜਾਣਕਾਰੀ ਕੇਵਲ ਸਿੰਘ ਢਿੱਲੋਂ ਵੱਲੋਂ ਇਹ ਮਾਮਲਾ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਸਾਹਮਣੇ ਉਠਾਇਆ ਗਿਆ। 15 ਅਕਤੂਬਰ 2026 ਨੂੰ ਲਿਖੇ ਪੱਤਰ ਅਨੁਸਾਰ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਅਧੀਨ ਕੇਂਦਰੀ ਮਿੱਟੀ ਲੂਣਤਾ ਖੋਜ ਸੰਸਥਾਨ (ICAR-CSSRI), ਕਰਨਾਲ ਦੇ ਨਿਰਦੇਸ਼ਕ ਦੀ ਅਗਵਾਈ ਹੇਠ ਛੇ ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਕਮੇਟੀ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰੇਗੀ ਅਤੇ ਸਮੱਸਿਆ ਦੇ ਹੱਲ ਲਈ ਆਪਣੀਆਂ ਸਿਫ਼ਾਰਸ਼ਾਂ ਦੇਵੇਗੀ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਭਾਵਿਤ ਜ਼ਮੀਨ ਦੀ ਮੁੜ ਬਹਾਲੀ ਅਤੇ ਹੋਰ ਲੋੜੀਂਦੇ ਕਦਮਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਨਾਲ ਫਾਜ਼ਿਲਕਾ ਵਿੱਚ ਜਲਭਰਾਅ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦੀ ਮਾਹਿਰਾਂ ਵੱਲੋਂ ਜਾਂਚ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਅਗਲੀ ਕਾਰਵਾਈ ਦੀ ਉਮੀਦ ਜਾਗੀ ਹੈ।
ਸੰਜੀਵ ਗੋਲਡੀ ਸਚਦੇਵਾ ਨੇ ਰੰਜਮ ਕਾਮਰਾ ਦਾ ਕੀਤਾ ਧੰਨਵਾਦ ਆੜ੍ਹਤੀ ਐਸੋਸੀਏਸ਼ਨ ਫਾਜ਼ਿਲਕਾ ਦੇ ਪ੍ਰਧਾਨ ਸੰਜੀਵ ਗੋਲਡੀ ਸਚਦੇਵਾ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਮੰਡੀ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਨੂੰ ਨੁਕਸਾਨ ਪਹੁੰਚਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਕਰਨਾ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਲਾਤਾਂ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨੁਕਸਾਨ ਨਾ ਝੱਲਣਾ ਪਵੇ।
ਉਨ੍ਹਾਂ ਕਿਹਾ ਕਿ ਰੰਜਮ ਕਾਮਰਾ ਵੱਲੋਂ ਮੰਡੀ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਇਹ ਮਾਮਲਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਕੇਂਦਰ ਸਰਕਾਰ ਤੱਕ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮਾਹਿਰ ਕਮੇਟੀ ਦੀ ਜਾਂਚ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰੰਜਮ ਕਾਮਰਾ ਅਤੇ ਇਸ ਮਾਮਲੇ ਨੂੰ ਅੱਗੇ ਲਿਜਾਣ ਵਾਲੇ ਹੋਰ ਆਗੂਆਂ ਦਾ ਧੰਨਵਾਦ ਕੀਤਾ।
ਕਮੇਟੀ ਦੀ ਰਿਪੋਰਟ ’ਤੇ ਰਹੇਗੀ ਕਿਸਾਨਾਂ ਦੀ ਨਜ਼ਰ ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਵਿੱਚ ਬਰਸਾਤੀ ਪਾਣੀ ਕਾਰਨ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਦੀ ਮੁੱਖ ਮੰਗ ਪਾਣੀ ਦੀ ਨਿਕਾਸੀ ਦਾ ਸਥਾਈ ਪ੍ਰਬੰਧ ਕਰਨਾ ਅਤੇ ਭਵਿੱਖ ਵਿੱਚ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਢੁੱਕਵੇਂ ਕਦਮ ਚੁੱਕਣਾ ਹੈ।
ਛੇ ਮੈਂਬਰੀ ਮਾਹਿਰ ਕਮੇਟੀ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਮੁਲਾਂਕਣ ਇਸ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਕਿਸਾਨਾਂ ਅਤੇ ਆੜ੍ਹਤੀਆਂ ਦੀ ਨਜ਼ਰ ਕਮੇਟੀ ਦੀ ਜਾਂਚ, ਉਸ ਦੀ ਰਿਪੋਰਟ ਅਤੇ ਉਸ ਦੇ ਆਧਾਰ ’ਤੇ ਹੋਣ ਵਾਲੀ ਅਗਲੀ ਕਾਰਵਾਈ ’ਤੇ ਰਹੇਗੀ।