ਜਲਾਲਾਬਾਦ ’ਚ 42 ਕਰੋੜ ਦੀ ਲਾਗਤ ਨਾਲ ਬਣੇਗਾ ਵਾਟਰ ਟ੍ਰੀਟਮੈਂਟ ਪਲਾਂਟ ਜਲਾਲਾਬਾਦ ’ਚ 42 ਕਰੋੜ ਦੀ ਲਾਗਤ ਨਾਲ ਬਣੇਗਾ ਵਾਟਰ ਟ੍ਰੀਟਮੈਂਟ ਪਲਾਂਟ
Publish Date: Tue, 27 Oct 2026 03:52 PM (IST)
Updated Date: Tue, 27 Oct 2026 03:55 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਜਲਾਲਾਬਾਦ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸ਼ਹਿਰ ਦੇ ਰਾਮਲੀਲਾ ਚੌਕ ਵਿਖੇ 42 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਦੇ ਨਾਲ-ਨਾਲ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਦੇ ਬਣਨ ਨਾਲ ਜਲਾਲਾਬਾਦ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵੱਲ ਅਹਿਮ ਕਦਮ ਚੁੱਕਿਆ ਜਾਵੇਗਾ। ਵਿਧਾਇਕ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੰਦਰ ਵਿਖੇ ਕਰਵਾਏ ਗਏ ਸਤਿਸੰਗ ਵਿੱਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਕ ਢਾਬ ਖੁਸ਼ਹਾਲ ਜੋਈਆਂ (ਝੁੱਗੀਆਂ ਨੰਦ ਸਿੰਘ) ਵਿਖੇ ਇੰਟਰਲਾਕਿੰਗ ਸੜਕ ਅਤੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਚੱਕ ਜਾਨੀਸਰ ਤੋਂ ਪੂਰਨ ਪੱਟੀ ਤੱਕ ਸੜਕ ਅਤੇ ਟਰੈਕ ਦਾ ਉਦਘਾਟਨ ਵੀ ਕੀਤਾ ਗਿਆ। ਵਿਧਾਇਕ ਨੇ ਡਾ. ਭੀਮ ਰਾਓ ਅੰਬੇਡਕਰ ਚੌਕ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਸ਼ੁਰੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਣੀ ਮਹਿਲ ਗੇਟ ਦੇ ਨਵੀਨੀਕਰਨ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ। ਦੌਰੇ ਦੌਰਾਨ ਵਿਧਾਇਕ ਨੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਹਲਕਾ ਵਿਕਾਸ ਪੱਖੋਂ ਪਿੱਛੇ ਨਾ ਰਹੇ।