27 ਤੋਂ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ 27 ਜੁਲਾਈ ਤੋਂ ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੀਆਂ ਓ ਪੀ ਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ
Publish Date: Sat, 25 Jul 2026 04:19 PM (IST)
Updated Date: Sat, 25 Jul 2026 04:22 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ 27 ਜੁਲਾਈ 2026 ਤੋਂ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀ ਸਾਂਝੀ ਮੀਟਿੰਗ ਤੋਂ ਬਾਅਦ ਲਿਆ ਗਿਆ। ਸਾਂਝੇ ਫਰੰਟ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ। ਇਸ ਤੋਂ ਇਲਾਵਾ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਕਈ ਵਾਰ ਮੰਗ-ਪੱਤਰ ਸੌਂਪੇ ਗਏ, ਪਰ ਅਜੇ ਤੱਕ ਕਿਸੇ ਵੀ ਮੰਗ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਨਹੀਂ ਕੀਤਾ ਗਿਆ। ਫਰੰਟ ਨੇ ਦੋਸ਼ ਲਾਇਆ ਕਿ ਹਰ ਵਾਰ ਕਰਮਚਾਰੀਆਂ ਨੂੰ ਸਿਰਫ਼ ਭਰੋਸੇ ਹੀ ਦਿੱਤੇ ਗਏ, ਜਿਸ ਕਾਰਨ ਹੁਣ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਰੋਜ਼ਾਨਾ ਲੱਖਾਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ, ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਅਜੇ ਵੀ ਅਣਸੁਲਝੀਆਂ ਪਈਆਂ ਹਨ। ਸਾਂਝੇ ਫਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ 27 ਜੁਲਾਈ ਤੋਂ ਪਹਿਲਾਂ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਫਰੰਟ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 27 ਜੁਲਾਈ ਤੋਂ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ ਅਤੇ ਸੰਘਰਸ਼ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਸੰਘਰਸ਼ ਦੌਰਾਨ ਜੇਕਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ, ਕਿਉਂਕਿ ਕਰਮਚਾਰੀਆਂ ਵੱਲੋਂ ਕਈ ਵਾਰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਚੁੱਕੀਆਂ ਹਨ।