ਆਪ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
Publish Date: Thu, 12 Nov 2026 06:14 PM (IST)
Updated Date: Thu, 12 Nov 2026 06:18 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਅਬੋਹਰ ਵਿਧਾਨ ਸਭਾ ਹਲਕੇ ਤੋਂ ਸ਼ਿਵ ਲਾਲ ਡੋਡਾ ਦੀ ਨੂੰਹ ਡਾ. ਸੁਹਾਣੀ ਡੋਡਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦਕਿ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਅਮਰਦੀਪ ਸਿੰਘ ਗੋਲਡੀ ਮੁਸਾਫਰ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਡਾ. ਸੁਹਾਣੀ ਡੋਡਾ ਨੂੰ ਅਬੋਹਰ ਤੋਂ ਉਮੀਦਵਾਰ ਬਣਾਏ ਜਾਣ ਨਾਲ ਇਸ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸ਼ਿਵ ਲਾਲ ਡੋਡਾ ਦੇ ਪਰਿਵਾਰ ਵਿੱਚੋਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਨੂੰ ਪਾਰਟੀ ਦੀ ਇਸ ਹਲਕੇ ਸਬੰਧੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਬੱਲੂਆਣਾ ਤੋਂ ਮੌਜੂਦਾ ਵਿਧਾਇਕ ਅਮਰਦੀਪ ਸਿੰਘ ਗੋਲਡੀ ਮੁਸਾਫਰ ਨੂੰ ਮੁੜ ਟਿਕਟ ਦੇ ਕੇ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਐਲਾਨੇ ਜਾਣ ਨਾਲ ਬੱਲੂਆਣਾ ਹਲਕੇ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਤੋਂ ਪਹਿਲਾਂ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਹੁਣ ਦੂਜੀ ਸੂਚੀ ਦੇ ਐਲਾਨ ਨਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਹੋਰ ਗਰਮਾਉਣ ਲੱਗਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਚੋਣ ਸਰਗਰਮੀਆਂ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ।