ਸੂਬੇ ’ਚ ਨਸ਼ਾ, ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਬੇਕਾਬੂ : ਵਿਧਾਇਕ ਜਾਖੜ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ, ਸੂਬੇ ਵਿੱਚ ਨਸ਼ਾ, ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਬੇਕਾਬੂ: ਸੰਦੀਪ ਜਾਖੜ
Publish Date: Tue, 08 Sep 2026 05:03 PM (IST)
Updated Date: Tue, 08 Sep 2026 05:04 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਵਿਖੇ ਬਾਗੋਰੀਆ ਪਰਿਵਾਰ ਵੱਲੋਂ ਸਮਾਜਿਕ ਕਾਰਕੁੰਨ ਅਸ਼ੋਕ ਬਾਗੋਰੀਆ ਪੇਂਟਰ ਦੇ ਨਿਵਾਸ ਸਥਾਨ ’ਤੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਸੰਦੀਪ ਜਾਖੜ ਦਾ ਸੈਂਕੜਿਆਂ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਹਾਰ ਪਾ ਕੇ ਜਾਖੜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸੰਦੀਪ ਜਾਖੜ ਨੇ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮਿਸ਼ਨ 2027’ ਤਹਿਤ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਚੱਲਣ ਵਾਲੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਨਾਲ ਪੰਜਾਬ ਨੂੰ ਕਰਜ਼ਾ ਮੁਕਤ, ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਵਾਲਾ ਸੂਬਾ ਬਣਾਉਣ ਦੀ ਨੀਂਹ ਰੱਖੀ ਜਾਵੇਗੀ। ਜਾਖੜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਹੋਰ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਦੀ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਨਸ਼ੇ ਦੀ ਸਮੱਸਿਆ ਖ਼ਤਮ ਨਹੀਂ ਹੋਈ। ਉਨ੍ਹਾਂ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇਸੇ ਤਰ੍ਹਾਂ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਛੀਨਾ-ਝਪਟੀ, ਚੋਰੀ, ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਜਾਖੜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਅਪਰਾਧੀਆਂ ’ਤੇ ਨਕੇਲ ਕੱਸਣ ਦੀ ਬਜਾਏ ਅਜਿਹੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ, ਜਿਨ੍ਹਾਂ ’ਤੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਬਿਹਤਰ ਭਵਿੱਖ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਧਨਪਤ ਸਿਆਗ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ, ਬਲਾਕ ਅਬੋਹਰ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾ ਵਾਲੀ ਨੇ ਜਾਖੜ ਦਾ ਪਿੰਡ ਵਰਿਆਮ ਖੇੜਾ ਪਹੁੰਚਣ ’ਤੇ ਧੰਨਵਾਦ ਕੀਤਾ।