ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦਾ ਮਕਾਨ ਕੀਤਾ ਡੇਮੋਲਿਸ਼ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੇ ਸਰਕਾਰੀ ਜਗ੍ਹਾ ’ਤੇ ਕਬਜ਼ੇ ਖ਼ਿਲਾਫ਼ ਕਾਰਵਾਈ, ਮਕਾਨ ਕੀਤਾ ਡੇਮੋਲਿਸ਼
Publish Date: Tue, 25 Aug 2026 04:40 PM (IST)
Updated Date: Tue, 25 Aug 2026 04:42 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਆਰੀਆ ਨਗਰ, ਫਾਜ਼ਿਲਕਾ ਵਿਖੇ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਵੱਲੋਂ ਸਰਕਾਰੀ ਜਗ੍ਹਾ ’ਤੇ ਕੀਤੇ ਗਏ ਕਥਿਤ ਗੈਰ-ਕਾਨੂੰਨੀ ਕਬਜ਼ੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਕਾਰਵਾਈ ਦੌਰਾਨ ਕ੍ਰਿਸ਼ਨ ਕੁਮਾਰ ਅਤੇ ਉਸਦੇ ਭਰਾ ਅਮਨ, ਪੁੱਤਰ ਆਤਮਾ ਰਾਮ, ਵਾਸੀ ਆਰੀਆ ਨਗਰ, ਫਾਜ਼ਿਲਕਾ ਦੇ ਮਕਾਨ ਸਬੰਧੀ ਡੇਮੋਲਿਸ਼ਨ ਦੀ ਕਾਰਵਾਈ ਕੀਤੀ ਗਈ। ਪੁਲਿਸ ਅਨੁਸਾਰ ਉਕਤ ਵਿਅਕਤੀਆਂ ਵੱਲੋਂ ਸਰਕਾਰੀ ਜਗ੍ਹਾ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕੀਤਾ ਹੋਇਆ ਸੀ। ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਸਰਕਾਰੀ ਜਗ੍ਹਾ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਐਸਪੀ ਤਰੁਣ ਰਤਨ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਦੇ ਖ਼ਿਲਾਫ਼ ਕੁੱਲ 9 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 2 ਮੁਕੱਦਮੇ ਐਕਸਾਈਜ਼ ਐਕਟ ਅਤੇ 1 ਮੁਕੱਦਮਾ ਐਨਡੀਪੀਐਸ ਐਕਟ ਤਹਿਤ ਦਰਜ ਹੈ। ਇਸੇ ਤਰ੍ਹਾਂ ਉਸਦੇ ਭਰਾ ਅਮਨ ਦੇ ਖ਼ਿਲਾਫ਼ ਕੁੱਲ 5 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 3 ਮੁਕੱਦਮੇ ਐਨਡੀਪੀਐਸ ਐਕਟ ਅਤੇ 2 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਹਨ। ਫਾਜ਼ਿਲਕਾ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਇਸ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਸਰਕਾਰੀ ਜ਼ਮੀਨ ’ਤੇ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਵੀ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।