ਸਮੱਸਿਆਵਾਂ ਦੇ ਹੱਲ ਲਈ ਮੰਚ ਪ੍ਰਦਾਨ ਕਰਦੇ ਕਿਸਾਨ ਮੇਲੇ : ਸਵਨਾ
ਖੇਤੀਬਾੜੀ ਵਿਭਾਗ ਵੱਲੋਂ ਫਾਜ਼ਿਲਕਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ
Publish Date: Fri, 10 Apr 2026 05:07 PM (IST)
Updated Date: Fri, 10 Apr 2026 05:08 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵੱਲੋ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਵੱਲੋਂ ਚਲ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਝੋਨੇ ਦੀ ਸਿਧੀ ਬਿਜਾਈ ਅਪਣਾਉਣ ਲਈ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਕਿਸਾਨ ਵੀਰਾ ਅਤੇ ਬੀਬੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸਡੀਐਮ ਕੰਵਰਜੀਤ ਸਿੰਘ, ਜੁਗਰਾਜ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਕਰਨਜੀਤ ਗਿੱਲ, ਉਪਕਾਰ ਜਾਖੜ ਚੇਅਰਮੈਨ ਯੋਜਨਾ ਕਮੇਟੀ,ਮੋਹਰ ਸਿੰਘ ਜਾਖੜ ਆਦਿ ਹਾਜ਼ਰ ਸਨ।