ਖੇਤੀਬਾੜੀ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ
ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮਹਿਲਾਵਾਂ ਨੂੰ ਸਨਮਾਨਿਤ ਕਰਦੇ ਖੇਤੀਬਾੜੀ ਅਫਸਰ ਡਾ.ਹਰਪ੍ਰੀਤਪਾਲ ਕੌਰ।
Publish Date: Tue, 10 Mar 2026 05:32 PM (IST)
Updated Date: Tue, 10 Mar 2026 05:33 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੀਆਂ ਮਹਿਲਾ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਅੱਜ ਦੇ ਸਮੇਂ ਵਿੱਚ ਮਹਿਲਾ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਪਰਿਵਾਰ ਦੀ ਆਰਥਿਕ ਹਾਲਤ ਮਜ਼ਬੂਤ ਕਰ ਸਕਣ। ਉਹਨਾਂ ਕਿਹਾ ਕਿ ਮਹਿਲਾਵਾਂ ਦੁੱਧ ਉਤਪਾਦਨ, ਪੋਲਟਰੀ ਫਾਰਮਿੰਗ, ਮਸ਼ਰੂਮ ਉਗਾਉਣਾ, ਮਧੁਮੱਖੀ ਪਾਲਣ, ਸਬਜ਼ੀ ਅਤੇ ਫਲਾਂ ਦੀ ਖੇਤੀ ਵਰਗੇ ਸਹਾਇਕ ਧੰਦੇ ਅਪਣਾ ਕੇ ਘਰੇਲੂ ਆਮਦਨ ਵਿੱਚ ਵੱਡਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਮਹਿਲਾ ਕਿਸਾਨਾਂ ਨੂੰ ਕਿਚਨ ਗਾਰਡਨਿੰਗ ਨੂੰ ਪ੍ਰੋਤਸਾਹਿਤ ਕਰਨ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਹਿਲਾ ਕਿਸਾਨਾਂ ਨੂੰ ਇਹ ਧੰਦੇ ਸ਼ੁਰੂ ਕਰਨ ਲਈ ਤਕਨੀਕੀ ਸਲਾਹ, ਟ੍ਰੇਨਿੰਗ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਵੀ ਇਹ ਧੰਦੇ ਅਪਣਾਉਣ, ਜਿਸ ਨਾਲ ਉਨ੍ਹਾਂ ਨੂੰ ਬਾਜ਼ਾਰ ਤੱਕ ਪਹੁੰਚ ਅਤੇ ਆਰਥਿਕ ਮਦਦ ਵੀ ਮਿਲ ਸਕਦੀ ਹੈ। ਅਖੀਰ ਵਿੱਚ ਉਹਨਾਂ ਨੇ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਨਾਲ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੈ। ਇਸ ਦੌਰਾਨ ਅਗਾਂਹਵਧੂ ਮਹਿਲਾ ਕਿਸਾਨਾ ਨੂੰ ਸਨਮਾਨਿਤ ਵੀ ਕੀਤਾ ਗਿਆ।