ਨੌਜਵਾਨ ਵਰਗ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ : ਅਸ਼ੋਕ ਅਨੇਜਾ
ਅਸ਼ੋਕ ਅਨੇਜਾ ਦੀ ਅਗਵਾਈ ਹੇਠ ਅਕਾਲੀ ਦਲ ਦੀ ਸ਼ਕਤੀ ਪ੍ਰਦਰਸ਼ਨ ਮੀਟਿੰਗ
Publish Date: Mon, 06 Apr 2026 04:51 PM (IST)
Updated Date: Mon, 06 Apr 2026 04:55 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਮੀਟਿੰਗ ਦੌਰਾਨ ਪਾਰਟੀ ਨੂੰ ਜਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ,ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਬੂੜ ਸਿੰਘ ਅਤੇ ਹੋਰ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਰਹੇ। ਅਸ਼ੋਕ ਅਨੇਜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਅਕਾਲੀ ਦਲ ਦੀ ਪਕੜ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਵਰਕਰਾਂ ਦੀ ਮਿਹਨਤ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੇਗੀ। ਸ਼ਹਿਰੀ ਇਲਾਕਿਆਂ ਵਿੱਚ ਵੀ ਪਾਰਟੀ ਲਈ ਵਾਤਾਵਰਣ ਅਨੁਕੂਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨਵੀਂ ਸੋਚ ਨਾਲ ਅੱਗੇ ਵੱਧ ਰਹੀ ਹੈ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਨਾਲ ਜੋੜਨ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਈ ਜਾਵੇਗੀ। ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵੱਲੋਂ ਜਲਦ ਹੀ ਵਿਸਥਾਰਪੂਰਵਕ ਯੋਜਨਾ ਤਿਆਰ ਕਰਕੇ ਮੈਦਾਨ ਵਿੱਚ ਉਤਰਾ ਜਾਵੇਗਾ ਅਤੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿੱਚ ਸਾਰੇ ਆਗੂਆਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੰਕਲਪ ਲਿਆ ਅਤੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀ ਤਾਕਤ ਵਜੋਂ ਉਭਰੇਗਾ।