ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ
Publish Date: Sat, 16 May 2026 05:22 PM (IST)
Updated Date: Sat, 16 May 2026 05:24 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪਿੰਡ ਬੱਘੇ ਕੇ ਉਤਾਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਅਰਥੀ ਫੂਕ ਮੁਜ਼ਾਰਾ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਣ ਲਈ ਚੰਡੀਗੜ੍ਹ ਰਾਜ ਭਵਨ ਵੱਲ ਸ਼ਾਂਤਮਈ ਮਾਰਚ ਕੀਤਾ ਜਾ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਸਤੇ ਵਿੱਚ ਕਿਸਾਨਾਂ ਨੂੰ ਰੋਕਣ ਲਈ ਕਡਿਆਲੀ ਤਾਰਾਂ ਦੀ ਬੈਰੀਕੇਡਿੰਗ ਕੀਤੀ ਗਈ ਅਤੇ ਜਦੋਂ ਕਿਸਾਨ ਅੱਗੇ ਵਧੇ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੋਰ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਵਿਰੋਧ ਵਧਣ ਤੋਂ ਬਾਅਦ ਪੁਲਿਸ ਨੂੰ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨਾ ਪਿਆ।ਗੱਲਬਾਤ ਕਰਦਿਆਂ ਕਾਮਰੇਡ ਸੁਰਿੰਦਰ ਢੰਡੀਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਵਿਰੁੱਧ ਹਨ। ਉਨ੍ਹਾਂ ਸਾਰੇ ਵਰਗਾਂ ਨੂੰ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਕਰਨੈਲ ਬੱਘੇ ਕੇ, ਸੰਦੀਪ ਜੋਧਾ, ਸ਼ਰਮਾ ਢੰਡੀਆਂ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।