ਪੀਸੀਐੱਸ ਪ੍ਰੀਖਿਆ ’ਚ ਬੇਨਿਯਮੀਆਂ ਸਬੰਧੀ ਸਰਕਾਰ ਦੇਵੇ ਜਵਾਬ : ਗੁਰਜੋਤ ਸੰਧੂ ਪੀ.ਸੀ.ਐੱਸ. ਪ੍ਰੀਖਿਆ ਵਿੱਚ ਕਥਿਤ ਧਾਂਦਲੀ ਅਤੇ ਬੇਨਿਯਮੀਆਂ ਨੇ ਪੰਜਾਬ ਦੇ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੇ ਭਵਿੱਖ ’ਤੇ ਖੜ੍ਹੇ ਕੀਤੇ ਸਵਾਲ: ਗੁਰਜੋਤ ਸਿੰਘ ਸੰਧੂ
Publish Date: Sat, 14 Nov 2026 08:01 PM (IST)
Updated Date: Sat, 14 Nov 2026 08:03 PM (IST)
ਬੰਪਲ ਭਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਵਿੱਚ ਪੀ.ਸੀ.ਐੱਸ. ਪ੍ਰੀਖਿਆ ਨੂੰ ਲੈ ਕੇ ਕਥਿਤ ਧਾਂਦਲੀ ਅਤੇ ਬੇਨਿਯਮੀਆਂ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜਲਾਲਾਬਾਦ ਹਲਕੇ ਦੇ ਸੀਨੀਅਰ ਯੂਥ ਆਗੂ ਗੁਰਜੋਤ ਸਿੰਘ ਸੰਧੂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਸਪੱਸ਼ਟ ਜਵਾਬ ਦੇਣ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਪੀ.ਸੀ.ਐੱਸ. ਪ੍ਰੀਖਿਆ ਵਿੱਚ ਕਥਿਤ ਤੌਰ ’ਤੇ ਧਾਂਦਲੀ ਅਤੇ ਬੇਨਿਯਮੀਆਂ ਹੋਣ ਦੇ ਦੋਸ਼ ਬੇਹੱਦ ਗੰਭੀਰ ਹਨ। ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੂਰੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭਰੋਸੇਯੋਗ ਬਣਾਉਣ। ਸੰਧੂ ਨੇ ਕਿਹਾ ਕਿ ਸਰਕਾਰੀ ਭਰਤੀਆਂ ਵਿੱਚ ਹਰ ਉਮੀਦਵਾਰ ਨੂੰ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀ.ਸੀ.ਐੱਸ. ਪ੍ਰੀਖਿਆ ਸਬੰਧੀ ਉੱਠ ਰਹੇ ਸਾਰੇ ਸਵਾਲਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਵਾਬ ਦਿੱਤਾ ਜਾਵੇ। ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ ’ਤੇ ਕੋਈ ਬੇਨਿਯਮੀ ਜਾਂ ਗਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਤਾਂ ਜੋ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕੀਤਾ ਜਾ ਸਕੇ। ਅੰਤ ਵਿੱਚ ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਮਿਹਨਤੀ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨੌਜਵਾਨਾਂ ਦੇ ਭਵਿੱਖ ਅਤੇ ਉਨ੍ਹਾਂ ਦੀ ਮਿਹਨਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।