ਤੇਜਿੰਦਰ ਸਿੰਘ ਖਾਲਸਾ, ਅਬੋਹਰ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਸੰਗਠਨ ਦੇ ਸੱਦੇ 'ਤੇ ਅਬੋਹਰ ਫਾਜ਼ਿਲਕਾ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਨੇ ਚੱਕਾ ਜਾਮ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2 ਅਗਸਤ ਨੂੰ ਕਿਸਾਨ ਯੂਨੀਅਨ ਦੇ ਨੇਤਾਵਾਂ ਨਾਲ ਮੀਟਿੰਗ ਕਰਕੇ ਕਈ ਮੰਗਾਂ ਮੰਨਣ ਦਾ ਐਲਾਨ ਕੀਤਾ ਸੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਕਈ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਝੋਨੇ ਦੀ ਪੂਰੀ ਖਰੀਦ ਕਰੇ ਅਤੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਾਰੀ ਕਰੇ । ਉਨ੍ਹਾਂ ਕਿਹਾ ਕਿ ਇਹ ਸਰਕਾਰ ਵੀ ਦੂਜੀਆਂ ਸਰਕਾਰਾਂ ਦੀ ਤਰ੍ਹਾਂ ਲਾਰੇ ਲੱਪੇ ਲਗਾ ਕੇ ਡੰਗ ਟਪਾ ਰਹੀ ਹੈ। ਦੂਜੇ ਪਾਸੇ ਯੂਨੀਅਨ ਦੀ ਮੁੱਖ ਮੰਤਰੀ ਦੇ ਨਾਲ ਦੁਬਾਰਾ ਮੀਟਿੰਗ ਫਿਕਸ ਹੋਣ 'ਤੇ ਸ਼ਾਮ ਨੂੰ ਧਰਨਾ ਸਮਾਪਤ ਕਰ ਦਿੱਤਾ ਗਿਆ ਜਦ ਕਿ ਕਿਸਾਨਾਂ ਵੱਲੋਂ ਕੀਤੇ ਚੱਕੇ ਜਾਮ ਕਾਰਨ ਵਾਹਨ ਚਾਲਕਾਂ ਨੂੰ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।