ਰਿਣਵਾ ਨੇ ਮਾਰਕੀਟ ਕਮੇਟੀ ਤੇ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਅਮਿਤ ਰਿਣਵਾ ਨੇ ਮਾਰਕੀਟ ਕਮੇਟੀ ਅਤੇ ਅਤੁਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Publish Date: Sat, 26 Sep 2026 03:16 PM (IST)
Updated Date: Sat, 26 Sep 2026 03:18 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਤੋਂ ਅਮਿਤ ਰਿਣਵਾ ਨੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਅਤੇ ਅਤੁਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਵੱਖ-ਵੱਖ ਫੈਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਦੀ ਭਲਾਈ ਲਈ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਇੱਕ ਅਹਿਮ ਜ਼ਿੰਮੇਵਾਰੀ ਹੈ। ਨਵ-ਨਿਯੁਕਤ ਚੇਅਰਮੈਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ ਅਤੇ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਅਹੁਦਾ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ ਅਤੇ ਇਸ ਨੂੰ ਪੂਰੀ ਮਿਹਨਤ ਨਾਲ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫ਼ਿਰ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੁਲ ਨਾਗਪਾਲ ਅਤੇ ਅਮਿਤ ਰਿਣਵਾ ਨੂੰ ਵਧਾਈ ਦਿੱਤੀ। ਉਨ੍ਹਾਂ ਸਮਾਗਮ ਵਿੱਚ ਪਹੁੰਚੇ ਪਾਰਟੀ ਆਗੂਆਂ, ਵਰਕਰਾਂ ਅਤੇ ਹੋਰ ਹਾਜ਼ਰੀਨ ਦਾ ਵੀ ਧੰਨਵਾਦ ਕੀਤਾ। ਵਿਧਾਇਕਾਂ ਨੇ ਕਿਹਾ ਕਿ ਨਵ-ਨਿਯੁਕਤ ਚੇਅਰਮੈਨਾਂ ਕੋਲ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚਣਗੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਦੋਵੇਂ ਚੇਅਰਮੈਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਪੂਰੀ ਤਨਦੇਹੀ ਨਾਲ ਸੁਣਨਗੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਸਰਕਾਰ ਦੇ ਪੱਧਰ ’ਤੇ ਦਖ਼ਲ ਦੀ ਲੋੜ ਹੋਵੇਗੀ ਤਾਂ ਉਹ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਨਾਲ ਜੁੜੇ ਮਿਹਨਤੀ ਅਤੇ ਵਫ਼ਾਦਾਰ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਗਏ ਵੱਖ-ਵੱਖ ਕੰਮਾਂ ਦਾ ਵੀ ਜ਼ਿਕਰ ਕੀਤਾ। ਐੱਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਚੇਅਰਮੈਨ ਪਲੈਨਿੰਗ ਬੋਰਡ ਉਪਕਾਰ ਸਿੰਘ ਜਾਖੜ ਨੇ ਵੀ ਨਵ-ਨਿਯੁਕਤ ਚੇਅਰਮੈਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਮਾਰਕੀਟ ਕਮੇਟੀ ਅਤੇ ਇੰਪਰੂਵਮੈਂਟ ਟਰੱਸਟ ਨਾਲ ਸਬੰਧਤ ਕੰਮਾਂ ਨੂੰ ਪੂਰੀ ਮਿਹਨਤ ਨਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਮਨਦੀਪ ਕੁਮਾਰ, ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫ਼ਸਰ ਪਰਮਿੰਦਰ ਸਿੰਘ ਗਿੱਲ, ਜੇਈ ਸਤਨਾਮ ਸਿੰਘ, ‘ਆਪ’ ਆਗੂ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।