ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਦੀ ਨਿਰਪੱਖ ਜਾਂਚ ਹੋਵੇ : ਪਰਗਟ ਸਿੰਘ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਪਰਗਟ ਸਿੰਘ
Publish Date: Wed, 14 Oct 2026 08:20 PM (IST)
Updated Date: Wed, 14 Oct 2026 08:21 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ: ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਰਗਟ ਸਿੰਘ ਨੇ ਕਿਹਾ ਕਿ ਫ਼ਾਜ਼ਿਲਕਾ ਵਿੱਚ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਲੋਕ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ ਅਤੇ ਕਥਿਤ ਤੌਰ ’ਤੇ ਮੈਡੀਕਲ ਨਸ਼ਿਆਂ ਦੀ ਵਿਕਰੀ ਸਬੰਧੀ ਵੀ ਸਵਾਲ ਚੁੱਕ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ਜਾਂ ਕੈਮਿਸਟ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਹੋਣੀ ਚਾਹੀਦੀ ਹੈ। ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਾਂ ਅਤੇ ਭਰੋਸਿਆਂ ਨਾਲ ਲੋਕਾਂ ਦਾ ਵਿਸ਼ਵਾਸ ਨਹੀਂ ਜਿੱਤਿਆ ਜਾ ਸਕਦਾ, ਸਗੋਂ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਰਾਹੀਂ ਜਵਾਬਦੇਹੀ ਸਾਬਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਮਾਮਲੇ ਦੀ ਨਿਰਪੱਖ ਜਾਂਚ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਆਪਣੀ ਜਵਾਬਦੇਹੀ ਤੈਅ ਨਹੀਂ ਕਰਦੀ, ਤਾਂ ਕਾਂਗਰਸ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ਿਆਂ ਦੀ ਮੰਗ ਕਰਦਿਆਂ ਆਪਣਾ ਸੰਘਰਸ਼ ਜਾਰੀ ਰੱਖੇਗੀ। ਪਰਗਟ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਕਾਂਗਰਸ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਇਸ ਲੜਾਈ ਵਿੱਚ ਪਰਿਵਾਰ ਦਾ ਸਾਥ ਨਹੀਂ ਛੱਡੇਗੀ।ਇਸ ਮੌਕੇ ਵਿਜੇ ਇੰਦਰ ਸਿੰਗਲਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਮੌਜੂਦ ਸਨ।