ਫ਼ਾਜ਼ਿਲਕਾ ਨਗਰ ਕੌਂਸਲ ਦੀ ਪ੍ਰਧਾਨ ਬਣੀ ਅਨੀਤਾ ਜੈਰਥ ਫ਼ਾਜ਼ਿਲਕਾ ਨਗਰ ਕੌਂਸਲ ਦੀ ਪ੍ਰਧਾਨ ਬਣੀ ਅਨੀਤਾ ਜੈਰਥ
Publish Date: Tue, 21 Jul 2026 06:29 PM (IST)
Updated Date: Tue, 21 Jul 2026 06:31 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫ਼ਾਜ਼ਿਲਕਾ : ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਮੰਗਲਵਾਰ ਨੂੰ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਈ। ਚੋਣ ਪ੍ਰਕਿਰਿਆ ਦੌਰਾਨ ਭਾਜਪਾ ਸਮਰਥਿਤ ਉਮੀਦਵਾਰ ਅਨੀਤਾ ਜੈਰਥ ਨੂੰ ਨਗਰ ਕੌਂਸਲ ਫ਼ਾਜ਼ਿਲਕਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ, ਜਦਕਿ ਭਗਵਾਨ ਦਾਸ ਸੀਨੀਅਰ ਵਾਈਸ ਪ੍ਰਧਾਨ ਅਤੇ ਰਾਣੀ ਦੇਵੀ ਵਾਈਸ ਪ੍ਰਧਾਨ ਚੁਣੇ ਗਏ। ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਚਾਰ ਕੌਂਸਲਰ ਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਦੀ ਗੈਰਹਾਜ਼ਰੀ ਪੂਰੇ ਦਿਨ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣੀ ਰਹੀ। ਚੋਣ ਪ੍ਰਕਿਰਿਆ ਨਗਰ ਕੌਂਸਲ ਦਫ਼ਤਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਕਰਵਾਈ ਗਈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਚੋਣ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀ। ਵੋਟਿੰਗ ਦੌਰਾਨ ਨਗਰ ਕੌਂਸਲ ਦੇ ਮੈਂਬਰਾਂ ਤੋਂ ਇਲਾਵਾ ਚੋਣ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਚੋਣ ਤੋਂ ਬਾਅਦ ਜਾਣਕਾਰੀ ਦਿੰਦਿਆਂ ਏਡੀਸੀ ਜਗਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਚੋਣ ਵਿੱਚ ਭਾਜਪਾ ਦੇ 12 ਅਤੇ ਕਾਂਗਰਸ ਦੇ 9 ਕੌਂਸਲਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਹੱਥ ਖੜ੍ਹੇ ਕਰਵਾ ਕੇ ਕਰਵਾਈ ਗਈ। ਇਸ ਦੌਰਾਨ ਅਨੀਤਾ ਜੈਰਥ ਨੂੰ ਪ੍ਰਧਾਨ, ਭਗਵਾਨ ਦਾਸ ਨੂੰ ਸੀਨੀਅਰ ਵਾਈਸ ਪ੍ਰਧਾਨ ਅਤੇ ਰਾਣੀ ਦੇਵੀ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਪੂਰੀ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਸੰਪੰਨ ਹੋਈ। ਨਤੀਜਾ ਐਲਾਨੇ ਜਾਣ ਤੋਂ ਬਾਅਦ ਨਗਰ ਕੌਂਸਲ ਦਫ਼ਤਰ ਦੇ ਬਾਹਰ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵਰਕਰਾਂ ਨੇ ਇੱਕ-ਦੂਜੇ ਨੂੰ ਲੱਡੂ ਖਿਲਾ ਕੇ ਵਧਾਈ ਦਿੱਤੀ ਅਤੇ ਜਿੱਤ ਦਾ ਜਸ਼ਨ ਮਨਾਇਆ। ਸਾਬਕਾ ਸਹਿਕਾਰਤਾ ਮੰਤਰੀ ਸੁਰਜੀਤ ਜਿਆਣੀ ਸਮੇਤ ਭਾਜਪਾ ਦੇ ਕਈ ਆਗੂਆਂ ਨੇ ਅਨੀਤਾ ਜੈਰਥ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅਨੀਤਾ ਜੈਰਥ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇਣਗੇ ਅਤੇ ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਈ ਤਰਜੀਹ ਦੇ ਆਧਾਰ ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਹਰ ਵਾਰਡ ਦਾ ਸਮਾਨ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਕੌਂਸਲ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤਾਂ ਨੂੰ ਪਹਿਲ ਦੇਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਜਤਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਿੱਤ ਤੋਂ ਬਾਅਦ ਵਰਕਰਾਂ ਨੇ ਮਨਾਇਆ ਜਸ਼ਨ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਜ਼ੋਰਦਾਰ ਜਸ਼ਨ ਮਨਾਇਆ। ਇੱਕ-ਦੂਜੇ ਨੂੰ ਮਿਠਾਈ ਖਿਲਾਈ ਗਈ ਅਤੇ ਫੁੱਲਾਂ ਦੇ ਹਾਰ ਪਾ ਕੇ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਨਵੀਂ ਟੀਮ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਸਾਬਕਾ ਸਹਿਕਾਰਤਾ ਮੰਤਰੀ ਸੁਰਜੀਤ ਜਿਆਣੀ ਨੇ ਵੀ ਅਨੀਤਾ ਜੈਰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਣਗੇ ਅਤੇ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਆਪ ਦੇ ਚਾਰ ਕੌਂਸਲਰ ਤੇ ਵਿਧਾਇਕ ਸਵਣਾ ਦੀ ਗੈਰਹਾਜ਼ਰੀ ਰਹੀ ਚਰਚਾ ਦਾ ਵਿਸ਼ਾ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਚਾਰ ਕੌਂਸਲਰਾਂ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਦੀ ਗੈਰਹਾਜ਼ਰੀ ਪੂਰੇ ਦਿਨ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ। ਚੋਣ ਤੋਂ ਪਹਿਲਾਂ ਇਹ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਸੱਤਾਧਾਰੀ ਪਾਰਟੀ ਦੇ ਸਾਰੇ ਨੁਮਾਇੰਦੇ ਚੋਣ ਵਿੱਚ ਸ਼ਾਮਲ ਹੋਣਗੇ, ਪਰ ਚੋਣ ਸ਼ੁਰੂ ਹੋਣ ਸਮੇਂ ਉਹ ਮੌਕੇ ਤੇ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਅਤੇ ਸਿਆਸੀ ਹਲਕਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲਦੀਆਂ ਰਹੀਆਂ। ਹਾਲਾਂਕਿ ਇਸ ਗੈਰਹਾਜ਼ਰੀ ਦਾ ਚੋਣ ਪ੍ਰਕਿਰਿਆ ਤੇ ਕੋਈ ਅਸਰ ਨਹੀਂ ਪਿਆ ਅਤੇ ਚੋਣ ਨਿਰਧਾਰਤ ਸਮੇਂ ਅਨੁਸਾਰ ਪੂਰੀ ਕਰ ਲਈ ਗਈ। ਖ਼ਬਰ ਲਿਖੇ ਜਾਣ ਤੱਕ ਆਮ ਆਦਮੀ ਪਾਰਟੀ ਵੱਲੋਂ ਨਾ ਤਾਂ ਚਾਰਾਂ ਕੌਂਸਲਰਾਂ ਦੀ ਗੈਰਹਾਜ਼ਰੀ ਅਤੇ ਨਾ ਹੀ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਦੇ ਚੋਣ ਵਿੱਚ ਸ਼ਾਮਲ ਨਾ ਹੋਣ ਸਬੰਧੀ ਕੋਈ ਅਧਿਕਾਰਤ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਸੀ। ਇਸ ਕਾਰਨ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਸਿਆਸੀ ਚਰਚਾਵਾਂ ਦਾ ਦੌਰ ਜਾਰੀ ਰਿਹਾ।