24 ਅਗਸਤ ਨੂੰ ਅਨੀਤਾ ਜੈਰਥ ਸੰਭਾਲਣਗੇ ਨਗਰ ਕੌਂਸਲ ਪ੍ਰਧਾਨ ਦਾ ਅਹੁਦਾ 24 ਅਗਸਤ ਨੂੰ ਅਨੀਤਾ ਜੈਰਥ ਸੰਭਾਲਣਗੇ ਨਗਰ ਕੌਂਸਲ ਪ੍ਰਧਾਨ ਦਾ ਅਹੁਦਾ
Publish Date: Sat, 22 Aug 2026 05:27 PM (IST)
Updated Date: Sat, 22 Aug 2026 05:30 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਫਾਜ਼ਿਲਕਾ ਦੀ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ 24 ਅਗਸਤ ਨੂੰ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਫਾਜ਼ਿਲਕਾ ਵੱਲੋਂ ਵਿਸ਼ੇਸ਼ ਆਸ਼ੀਰਵਾਦ ਸਮਾਰੋਹ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਹੁਦਾ ਸੰਭਾਲਣ ਸਬੰਧੀ ਇਹ ਸਮਾਗਮ 24 ਅਗਸਤ 2026, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਨਗਰ ਕੌਂਸਲ ਸਮਾਗਮ ਹਾਲ, ਫਾਜ਼ਿਲਕਾ ਵਿਖੇ ਕਰਵਾਇਆ ਜਾਵੇਗਾ। ਇਸ ਦੌਰਾਨ ਅਨੀਤਾ ਜੈਰਥ ਰਸਮੀ ਤੌਰ ’ਤੇ ਨਗਰ ਕੌਂਸਲ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਭਾਜਪਾ ਵੱਲੋਂ ਇਸ ਸਮਾਗਮ ਨੂੰ ਲੈ ਕੇ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੀ ਮੌਜੂਦਗੀ ਨੂੰ ਲੈ ਕੇ ਪਾਰਟੀ ਆਗੂਆਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸਥਾਨਕ ਆਗੂ, ਅਹੁਦੇਦਾਰ, ਕੌਂਸਲਰ, ਵਰਕਰ ਅਤੇ ਸਮਰਥਕ ਵੀ ਸਮਾਗਮ ਵਿੱਚ ਮੌਜੂਦ ਰਹਿਣਗੇ। ਭਾਜਪਾ ਆਗੂਆਂ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਨਵੀਂ ਪ੍ਰਧਾਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਦੀ ਉਮੀਦ ਜਤਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਨਗਰ ਕੌਂਸਲ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਨਵੀਂ ਟੀਮ ਵੱਲੋਂ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੰਮ ਕਰਨ ਦੀ ਉਮੀਦ ਹੈ। ਭਾਜਪਾ ਵੱਲੋਂ ਫਾਜ਼ਿਲਕਾ ਸ਼ਹਿਰ ਦੇ ਵਾਸੀਆਂ, ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 24 ਅਗਸਤ ਨੂੰ ਸਵੇਰੇ 10 ਵਜੇ ਨਗਰ ਕੌਂਸਲ ਸਮਾਗਮ ਹਾਲ ਵਿਖੇ ਪਹੁੰਚ ਕੇ ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਨਵ-ਨਿਯੁਕਤ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦੇਣ।