ਜਲਾਲਾਬਾਦ ਨਗਰ ਕੌਂਸਲ ਦੇ ਅੰਕੁਸ਼ ਮੁਟਨੇਜਾ ਬਣੇ ਪ੍ਰਧਾਨ ਜਲਾਲਾਬਾਦ ਨਗਰ ਕੌਂਸਲ ਦੇ ਅੰਕੁਸ਼ ਮੁਟਨੇਜਾ ਬਣੇ ਪ੍ਰਧਾਨ
Publish Date: Mon, 27 Jul 2026 04:15 PM (IST)
Updated Date: Mon, 27 Jul 2026 04:18 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਨਗਰ ਕੌਂਸਲ ਦੇ ਨਵ-ਚੁਣੇ ਕੌਂਸਲਰਾਂ ਦੀ ਮੀਟਿੰਗ ਸੋਮਵਾਰ ਨੂੰ ਨਗਰ ਕੌਂਸਲ ਦਫ਼ਤਰ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਨਗਰ ਕੌਂਸਲ ਦੇ ਸੁਚਾਰੂ ਸੰਚਾਲਨ ਲਈ ਨਵੇਂ ਨਗਰ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਅੰਕੁਸ਼ ਮੁਟਨੇਜਾ ਨੂੰ ਨਗਰ ਕੌਂਸਲ ਦਾ ਪ੍ਰਧਾਨ, ਐਡਵੋਕੇਟ ਰਾਜੀਵ ਬਜਾਜ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਮਜ਼ਬੂਤ ਸੰਗਠਨ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਜਨ ਪ੍ਰਤੀਨਿਧੀ ਨੂੰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਨਵਾਂ ਨਗਰ ਬੋਰਡ ਜਲਾਲਾਬਾਦ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਸਰਵਪੱਖੀ ਵਿਕਾਸ ਪਹਿਲੀ ਤਰਜੀਹ : ਅੰਕੁਸ਼ ਮੁਟਨੇਜਾ ਨਵੇਂ ਨਿਯੁਕਤ ਪ੍ਰਧਾਨ ਅੰਕੁਸ਼ ਮੁਟਨੇਜਾ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਰ ਗਲੀ, ਮੁਹੱਲੇ ਅਤੇ ਵਾਰਡ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਕੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਸਟਰੀਟ ਲਾਈਟਾਂ, ਸੜਕਾਂ ਦੀ ਮੁਰੰਮਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਨਗਰ ਕੌਂਸਲ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਅੰਕੁਸ਼ ਮੁਟਨੇਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਜਲਾਲਾਬਾਦ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਅਤੇ ਸ਼ਹਿਰ ਵਾਸੀਆਂ ਦੇ ਵਿਸ਼ਵਾਸ ਦੇ ਬਲ ਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ ਅਤੇ ਹਰ ਨਾਗਰਿਕ ਦੀ ਆਵਾਜ਼ ਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਖਰਾ ਉਤਰਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।