- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਤਹਿਤ ਸਰਕਾਰੀ ਕਾਲਜ ਅਬੋਹਰ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਅਬੋਹਰ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ‘ਮੇਰਾ ਪੰਜਾਬ, ਮੇਰੀ ਜ਼ਿੰਮੇਵਾਰੀ’ ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਬੋਹਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਸਾਂਝ ਕੇਂਦਰ ਦੀ ਟੀਮ, ਥਾਣਾ ਸਿਟੀ-1 ਅਤੇ ਥਾਣਾ ਸਿਟੀ-2 ਵੱਲੋਂ ਕਾਲਜ ਦੀ ਪ੍ਰਿੰਸੀਪਲ ਡਾ. ਜੋਤਸਨਾ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਐੱਸਪੀ ਸਤਿੰਦਰ ਕੁਮਾਰ, ਐੱਸਐੱਚਓ ਸੁਖਮੰਦਰ ਸਿੰਘ ਅਤੇ ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁੱਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐੱਸਪੀ ਸਤਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਆਮ ਜਨਤਾ ਮਿਲ ਕੇ ਯਤਨ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ। ਜੇਕਰ ਕਿਸੇ ਵੀ ਥਾਂ ਨਸ਼ਾ ਤਸਕਰੀ ਜਾਂ ਕੋਈ ਹੋਰ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨੇੜਲੇ ਪੁਲਿਸ ਥਾਣੇ ਨੂੰ ਸੂਚਿਤ ਕੀਤਾ ਜਾਵੇ। ਐੱਸਐੱਚਓ ਸਿਟੀ-2 ਸੁਖਮੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਬੇਲੋੜੀ ਅਤੇ ਹੱਦ ਤੋਂ ਵੱਧ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਵਿੱਚ ਮੋਬਾਈਲ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਪਰ ਇਸ ਦੀ ਲੋੜ ਤੋਂ ਵੱਧ ਵਰਤੋਂ ਪੜ੍ਹਾਈ, ਮਾਨਸਿਕ ਸਿਹਤ ਅਤੇ ਰੋਜ਼ਾਨਾ ਦੀ ਜ਼ਿੰਦਗੀ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਮੌਕੇ ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁੱਘ ਨੇ ਵਿਦਿਆਰਥੀਆਂ ਨੂੰ ਆਪਣੀ ਸੰਗਤ ਚੰਗੀ ਰੱਖਣ ਅਤੇ ਗਲਤ ਆਦਤਾਂ ਵਾਲੇ ਲੋਕਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ’ਚ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਾਈ ਗਈ। ਸੈਮੀਨਾਰ ਦੌਰਾਨ ਮੰਚ ਸੰਚਾਲਨ ਪ੍ਰੋਫੈਸਰ ਪ੍ਰਦੀਪ ਸਿੰਘ ਨੇ ਕੀਤਾ। ਇਸ ਮੌਕੇ ਪ੍ਰੋਫੈਸਰ ਲਵਿਸ਼ ਲੂਨਾ, ਰਾਕੇਸ਼ ਕੁਮਾਰ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਰਾਜ ਕੁਮਾਰ, ਪੁਸ਼ਪਿੰਦਰ ਕੌਰ, ਸਾਂਝ ਕੇਂਦਰ ਤੋਂ ਏਐੱਸਆਈ ਬਲਦੇਵ ਸਿੰਘ, ਦੀਪਕ ਕੰਬੋਜ, ਕੁਲਦੀਪ ਸਿੰਘ, ਕਾਲਜ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।