ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ
Publish Date: Thu, 23 Jul 2026 04:02 PM (IST)
Updated Date: Thu, 23 Jul 2026 04:04 PM (IST)
-11 ਅਗਸਤ ਤੱਕ ਕੀਤੇ ਜਾ ਸਕਣਗੇ ਆਨਲਾਈਨ ਅਪਲਾਈ - ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਜਾਂ ਘਰ ਬੈਠੇ ਪੋਰਟਲ ਰਾਹੀਂ ਵੀ ਭਰੀ ਜਾ ਸਕਦੀ ਹੈ ਅਰਜ਼ੀ : ਡੀਸੀ ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 (ਸਮਾਰਟ ਰਾਸ਼ਨ ਕਾਰਡ ਸਕੀਮ) ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਫਾਰਮ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀਐੱਸਸੀ) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸੇਵਾ ਕੇਂਦਰ ਜਾਂ ਸੀਐੱਸਸੀ ਰਾਹੀਂ ਅਰਜ਼ੀ ਜਮ੍ਹਾਂ ਕਰਵਾਉਣ ਤੇ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ। ਇਸ ਤੋਂ ਇਲਾਵਾ, ਬਿਨੈਕਾਰ ਖੁਦ ਵੀ ਈ-ਆਰਸੀਐੱਮਐੱਸ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ, ਜਿਸ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਅਰਜ਼ੀਆਂ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਅਤੇ ਸੀਐੱਸਸੀ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀਮਤੀ ਵੰਦਨਾ ਕੰਬੋਜ਼ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਰਜ਼ੀ ਭਰਨ ਤੋਂ ਪਹਿਲਾਂ ਫਾਰਮ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਿਆ ਜਾਵੇ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਤੀਜੀ ਮੰਜ਼ਿਲ), ਫਾਜ਼ਿਲਕਾ ਵਿਖੇ ਸੰਪਰਕ ਕਰ ਸਕਦੇ ਹਨ।