ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇ ਉੱਚਿਤ ਲਾਭ : ਡਾ. ਕਵਿਤਾ ਸਿੰਘ
ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇ ਉੱਚਿਤ ਲਾਭ : ਡਾ. ਕਵਿਤਾ ਸਿੰਘ
Publish Date: Tue, 13 Jan 2026 05:14 PM (IST)
Updated Date: Tue, 13 Jan 2026 05:15 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੁੱਚਜੇ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਸਮੂਹ ਰਾਜ ਵਾਸੀਆਂ ਨੂੰ ਬੀਮਾ ਯੋਜਨਾ ਦਾ ਲਾਭ ਦੇਣ ਲਈ ਜਲਦ ਹੀ 10 ਲੱਖ ਦੇ ਕੈਸ਼ਲੈਸ ਇਲਾਜ ਵਾਲੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿਖੇ ਸਮੂਹ ਸਿਹਤ ਸੰਸਥਾਵਾਂ ਵਿੱਚ ਨਿਯੁਕਤ ਆਰੋਗਿਆ ਮਿੱਤਰ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਨਵੀਂ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਤਿਆਰੀ, ਰੀ-ਕੇ.ਵਾਈ.ਸੀ ਅਤੇ ਆਯੂਸ਼ਮਾਨ ਯੋਜਨਾ ਹੇਠ ਚੱਲ ਰਹੇ ਕੇਸਾਂ ਬਾਰੇ ਸਮੀਖਿਆ ਕਰਨਾ ਸੀ। ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖਮੰਤਰੀ ਸਿਹਤ ਬੀਮਾ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ। ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਐਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਆਯੂਸ਼ਮਾਨ ਯੋਜਨਾ ਤਹਿਤ ਕਾਰਡ ਬਣੇ ਹੋਏ ਹਨ, ਉਹਨਾਂ ਨੂੰ 10 ਲੱਖ ਬੀਮਾ ਯੋਜਨਾ ਤਹਿਤ ਕਵਰ ਕਰਨ ਲਈ ਰੀ-ਕੇ.ਵਾਈ.ਸੀ ਕੀਤੀ ਜਾਵੇਗੀ। ਮੀਟਿੰਗ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਕੋਈ ਵੀ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹੇ। ਇਸ ਲਈ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਲੋਕਾਂ ਨੂੰ ਇਸ ਬਾਰੇ ਸਹੀ ਜਾਣਕਾਰੀ ਦਿੱਤੀ ਜਾਵੇ ਅਤੇ ਕਾਰਡ ਦੀ ਰਜਿਸਟਰੇਸ਼ਨ ਸ਼ੁਰੂ ਹੋਣ ਤੇ, ਪਹਿਲੇ ਬਣੇ ਕਾਰਡਾਂ ਦੀ ਰੀ-ਕੇ.ਵਾਈ.ਸੀ ਕੀਤੀ ਜਾਵੇ। ਉਹਨਾਂ ਆਰੋਗਿਆ ਮਿੱਤਰਾਂ ਨੂੰ ਹਦਾਇਤ ਕੀਤੀ ਕਿ ਉਹ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸਿਹਤ ਯੋਜਨਾਵਾਂ ਦਾ ਲਾਭ ਉਚਿਤ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਨ ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ, ਆਯੂਸ਼ਮਾਨ ਜ਼ਿਲ੍ਹਾ ਕੋਆਰਡੀਨੇਟਰ ਪ੍ਰਿਆ ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਆਰੋਗਿਆ ਮਿੱਤਰ ਹਾਜਰ ਸਨ।