ਸਰਕਾਰ ਖ਼ਿਲਾਫ਼ ਆਸ਼ਾ ਵਰਕਰਾਂ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਕਾਲੀਆਂ ਚੁੰਨੀਆਂ ਲੈ ਕੇ ਜਤਾਇਆ ਰੋਸ ਪੰਜਾਬ ਸਰਕਾਰ ਖ਼ਿਲਾਫ਼ ਆਸ਼ਾ ਵਰਕਰਾਂ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਕਾਲੀਆਂ ਚੁੰਨੀਆਂ ਲੈ ਕੇ ਜਤਾਇਆ ਰੋਸ
Publish Date: Sun, 22 Nov 2026 05:03 PM (IST)
Updated Date: Mon, 23 Nov 2026 04:04 AM (IST)
--ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਵਰਕਰਾਂ ’ਚ ਰੋਸ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦੀਪਕ ਕੁਮਾਰ. ਪੰਜਾਬੀ ਜਾਗਰਣ, ਫ਼ਾਜ਼ਿਲਕਾ : ਆਲ ਇੰਡੀਆ ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਯੂਨੀਅਨ ਪੰਜਾਬ (ਗਰੁੱਪ ਏਟਕ) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੀ ਸੂਬਾਈ ਲੀਡਰਸ਼ਿਪ ਵੱਲੋਂ ਆਨਲਾਈਨ ਮੀਟਿੰਗ ਕਰਕੇ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲੈਣ ਦੇ ਰੋਸ ਵਜੋਂ ਆਸ਼ਾ ਵਰਕਰਾਂ ਪਲਸ ਪੋਲੀਓ ਮੁਹਿੰਮ ਦੌਰਾਨ ਆਪਣੀ ਡਿਊਟੀ ਨਿਭਾਉਂਦਿਆਂ ਕਾਲੀਆਂ ਝੰਡੀਆਂ ਅਤੇ ਕਾਲੀਆਂ ਚੁੰਨੀਆਂ ਰਾਹੀਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣਗੀਆਂ। ਯੂਨੀਅਨ ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਜਨਰਲ ਸਕੱਤਰ ਬਲਵੀਰ ਕੌਰ ਗਿੱਲ ਲੁਧਿਆਣਾ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਫਾਜ਼ਿਲਕਾ ਅਤੇ ਮੁੱਖ ਸਲਾਹਕਾਰ ਬਲਕਰਨ ਕੌਰ ਅਬੋਹਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 18 ਨਵੰਬਰ 2026 ਨੂੰ ਪੰਜਾਬ ਭਵਨ, ਸੈਕਟਰ-3 ਵਿਖੇ ਆਸ਼ਾ ਵਰਕਰਾਂ ਦੀਆਂ ਜਥੇਬੰਦੀਆਂ ਨਾਲ ਕੀਤੀ ਗਈ ਮੀਟਿੰਗ ਦੇ ਨਤੀਜਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਵਰਕਰਾਂ ਨਾਲ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੁੱਖ ਮੰਗਾਂ ਸਬੰਧੀ ਕੋਈ ਠੋਸ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਨਾਲ ਹੋਈ ਗੱਲਬਾਤ ਦੌਰਾਨ ਵੀ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦਾ ਫਿਕਸ ਦੁੱਗਣਾ ਕੀਤਾ ਜਾਵੇਗਾ ਤੇ ਸੇਵਾ ਮੁਕਤ ਹੋਣ ਵਾਲੀਆਂ ਆਸ਼ਾ ਵਰਕਰਾਂ ਨੂੰ ਹਰਿਆਣਾ ਸਰਕਾਰ ਦੀ ਤਰਜ਼ ’ਤੇ ਸਹਾਇਤਾ ਫੰਡ ਦੇਣ ਸਬੰਧੀ ਨੋਟੀਫਿਕੇਸ਼ਨ ਦੀਵਾਲੀ ਦੇ ਤੋਹਫ਼ੇ ਵਜੋਂ ਜਾਰੀ ਕੀਤਾ ਜਾਵੇਗਾ ਪਰੰਤੂ ਹੁਣ ਤੱਕ ਇਨ੍ਹਾਂ ਮੰਗਾਂ ਸਬੰਧੀ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ 18 ਨਵੰਬਰ ਨੂੰ ਹੋਈ ਮੀਟਿੰਗ ਵੀ ਬੇਸਿੱਟਾ ਰਹਿਣ ਕਾਰਨ ਜਥੇਬੰਦੀ ਨੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਸ਼ਾ ਵਰਕਰਾਂ ਪਲਸ ਪੋਲੀਓ ਵਰਗੇ ਕੌਮੀ ਸਿਹਤ ਪ੍ਰੋਗਰਾਮ ਦੀ ਮਹੱਤਤਾ ਨੂੰ ਸਮਝਦੀਆਂ ਹਨ ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੀਆਂ, ਪਰ ਇਸ ਦੇ ਨਾਲ-ਨਾਲ ਕਾਲੀਆਂ ਚੁੰਨੀਆਂ ਅਤੇ ਕਾਲੀਆਂ ਝੰਡੀਆਂ ਰਾਹੀਂ ਪੰਜਾਬ ਸਰਕਾਰ ਪ੍ਰਤੀ ਆਪਣਾ ਵਿਰੋਧ ਵੀ ਦਰਜ ਕਰਵਾਉਣਗੀਆਂ।ਇਸੇ ਲੜੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਜੰਡ ਵਾਲਾ ਭੀਮੇ ਸ਼ਾਹ ਵਿਖੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਕਾਲੇ ਦੁਪੱਟੇ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਲਾਗੂ ਕਰਨਾ ਚਾਹੀਦਾ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਐਕਸ਼ਨ ਕੀਤੇ ਜਾਣਗੇ।ਇਸ ਮੌਕੇ ਆਸ਼ਾ ਵਰਕਰ ਸੋਮਾ ਰਾਣੀ, ਨੀਰੂ ਬਾਲਾ, ਮੋਨਿਕਾ ਰਾਣੀ, ਸੀਮਾ ਰਾਣੀ ਅਤੇ ਸਵਰਨਾ ਰਾਣੀ ਸਮੇਤ ਹੋਰ ਵਰਕਰਾਂ ਹਾਜ਼ਰ ਸਨ।