ਸਿਹਤ ਯੋਜਨਾ ਦੇ ਉਦੇਸ਼, ਯੋਗਤਾ ਮਾਪਦੰਡ ਤੇ ਲਾਭਾਂ ਬਾਰੇ ਦੱਸਿਆ
ਆਸ਼ਾ ਵਰਕਰਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ
Publish Date: Mon, 23 Feb 2026 04:39 PM (IST)
Updated Date: Mon, 23 Feb 2026 04:43 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਵਿੱਚ ਲੋਕਾਂ ਤੱਕ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣ ਲਈ ਮੁੱਖਮੰਤਰੀ ਸਿਹਤ ਯੋਜਨਾ ਬਾਰੇ ਪੀਐਚਸੀ ਹਸਤਾ ਕਲਾਂ ਵਿਖੇ ਆਸ਼ਾ ਵਰਕਰਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਹ ਜਾਗਰੂਕਤਾ ਮੀਟਿੰਗ ਸਿਵਿਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਦੇਖ-ਰੇਖ ਹੇਠ ਕੀਤੀ ਗਈ, ਜਿਸ ’ਚ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸੰਬੰਧਤ ਆਸ਼ਾ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਆਸ਼ਾ ਵਰਕਰਾਂ ਨੂੰ ਮੁੱਖਮੰਤਰੀ ਸਿਹਤ ਯੋਜਨਾ ਦੇ ਉਦੇਸ਼, ਯੋਗਤਾ ਮਾਪਦੰਡ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਯੋਜਨਾ ਦੇ ਤਹਿਤ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਨਿਰਧਾਰਿਤ ਸਰਕਾਰੀ ਅਤੇ ਐਮਪੈਨਲਡ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ। ਖ਼ਾਸ ਤੌਰ ‘ਤੇ ਗੰਭੀਰ ਬਿਮਾਰੀਆਂ, ਸਰਜਰੀ ਅਤੇ ਮਾਤਾ-ਬੱਚਾ ਸਿਹਤ ਸੇਵਾਵਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਡਾ. ਜਤਿੰਦਰ ਕੁਮਾਰ ਮੈਡੀਕਲ ਅਫਸਰ ਨੇ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।ਜ਼ਿਲ੍ਹਾ ਸਿਹਤ ਵਿਭਾਗ ਨੇ ਦ੍ਰਿੜਤਾ ਨਾਲ ਕਿਹਾ ਕਿ ਮੁੱਖਮੰਤਰੀ ਸਿਹਤ ਯੋਜਨਾ ਰਾਹੀਂ ਹਰ ਜ਼ਰੂਰਤਮੰਦ ਵਿਅਕਤੀ ਤੱਕ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾ ਪਹੁੰਚਾਉਣਾ ਹੀ ਮੁੱਖ ਉਦੇਸ਼ ਹੈ ਅਤੇ ਇਸ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਨਿਰਣਾਇਕ ਸਾਬਤ ਹੋਵੇਗੀ।