- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
137 ਸਫ਼ਾਈ ਕਰਮਚਾਰੀਆਂ ਦੇ ਰੈਗੂਲਰ ਹੋਣ ’ਤੇ ਅਸ਼ੋਕ ਜੈਰਥ ਤੇ ਭਾਜਪਾ ਕੌਂਸਲਰਾਂ ਨੇ ਕਰਵਾਇਆ ਮੂੰਹ ਮਿੱਠਾ
-ਜਲਦ ਨਿਯੁਕਤੀ ਪੱਤਰ ਜਾਰੀ ਕਰਵਾਉਣ ਦਾ ਦਿੱਤਾ ਭਰੋਸਾ, ਕਰਮਚਾਰੀਆਂ ਨੇ ਪ੍ਰਗਟਾਇਆ ਧੰਨਵਾਦ
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਫਾਜ਼ਿਲਕਾ ਵਿੱਚ ਕੰਮ ਕਰਦੇ 137 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਵੀਰਵਾਰ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਅਤੇ ਭਾਜਪਾ ਦੇ ਹੋਰ ਕੌਂਸਲਰਾਂ ਵੱਲੋਂ ਰੈਗੂਲਰ ਹੋਏ ਸਫ਼ਾਈ ਕਰਮਚਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਦੌਰਾਨ ਕਰਮਚਾਰੀਆਂ ਦੇ ਚਿਹਰਿਆਂ ’ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਡੀਕ ਖ਼ਤਮ ਹੋਣ ਦੀ ਖੁਸ਼ੀ ਸਾਫ਼ ਦਿਖਾਈ ਦਿੱਤੀ। ਇਸ ਮੌਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਖੁਸ਼ੀ ਦਾ ਵੱਡਾ ਮੌਕਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਰੈਗੂਲਰ ਨਿਯੁਕਤੀ ਦੀ ਪ੍ਰਕਿਰਿਆ ਜਲਦੀ ਪੂਰੀ ਕਰਵਾਉਣ ਅਤੇ ਮੁਲਾਜ਼ਮਾਂ ਦੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਕੌਂਸਲ ਫਾਜ਼ਿਲਕਾ ਦੇ 137 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ 117 ਸਫ਼ਾਈ ਕਰਮਚਾਰੀ ਅਤੇ 20 ਸੀਵਰਮੈਨ ਸ਼ਾਮਲ ਹਨ। ਵਿਭਾਗ ਵੱਲੋਂ ਪੱਤਰ ਨੰਬਰ A1-GB-DLG-2026/2572 ਮਿਤੀ 25 ਨਵੰਬਰ 2026 ਰਾਹੀਂ ਰੈਗੂਲਰ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਕਰਮਚਾਰੀਆਂ ਦੀ ਭਰਤੀ ਲਗਭਗ 15 ਸਾਲ ਪਹਿਲਾਂ ਅਸ਼ੋਕ ਜੈਰਥ ਦੇ ਨਗਰ ਕੌਂਸਲ ਕਾਰਜਕਾਲ ਦੌਰਾਨ ਹੋਈ ਸੀ। ਹੁਣ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਹੋਇਆ ਹੈ।
ਇਸ ਮੌਕੇ ਕਰਮਚਾਰੀਆਂ ਨੇ ਅਸ਼ੋਕ ਜੈਰਥ, ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਅਤੇ ਭਾਜਪਾ ਕੌਂਸਲਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਬੋਰਡ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਰੁਜ਼ਗਾਰ ਮਿਲਿਆ ਸੀ ਅਤੇ ਹੁਣ ਇਸੇ ਕਾਰਜਕਾਲ ਵਿੱਚ ਉਨ੍ਹਾਂ ਦੀ ਨੌਕਰੀ ਰੈਗੂਲਰ ਹੋਈ ਹੈ। ਕਰਮਚਾਰੀਆਂ ਨੇ ਉਮੀਦ ਜਤਾਈ ਕਿ ਜਲਦੀ ਨਿਯੁਕਤੀ ਪੱਤਰ ਜਾਰੀ ਹੋਣ ਤੋਂ ਬਾਅਦ ਉਹ ਰੈਗੂਲਰ ਕਰਮਚਾਰੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾ ਸਕਣਗੇ। ਇਸ ਮੌਕੇ ਕੌਂਸਲਰ ਟੋਨੀ ਨਰੂਲਾ, ਗਗਨ ਮੋਂਗਾ, ਬੰਟੂ ਸਚਦੇਵਾ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਲਵਲੀ ਵਾਲਮੀਕਿ, ਫਤਿਹ ਚੰਦ, ਨਟਵਰ ਸਰਵਾਨ ਅਤੇ ਰੈਗੂਲਰ ਕੀਤੇ ਗਏ ਕਰਮਚਾਰੀ ਮੌਜੂਦ ਸਨ।