ਨਸ਼ੇ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਕੀਤੀ ਗੱਲਬਾਤ ਆਸਫ਼ਵਾਲਾ ਵਿਖੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਆਗੂਆਂ ਨੇ ਕੀਤੀ ਗੱਲਬਾਤ
Publish Date: Sun, 20 Sep 2026 04:22 PM (IST)
Updated Date: Sun, 20 Sep 2026 04:23 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ : ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਫ਼ਾਜ਼ਿਲਕਾ ਪੜਾਅ ਮੌਕੇ ਆਸਫ਼ਵਾਲਾ ਵਿਖੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਨਸ਼ਿਆਂ ਕਾਰਨ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਨਸ਼ਿਆਂ ਕਾਰਨ ਪੈਦਾ ਹੋਏ ਹਾਲਾਤ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਆਗੂਆਂ ਨਾਲ ਗੱਲਬਾਤ ਕੀਤੀ। ਪਰਿਵਾਰਾਂ ਨੇ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਸਖ਼ਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ’ਤੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਕੇਵਲ ਸਿੰਘ ਢਿੱਲੋਂ ਅਤੇ ਸੁਨੀਲ ਜਾਖੜ ਨੇ ਪਰਿਵਾਰਾਂ ਦੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਕਾਰਨ ਪਰਿਵਾਰਾਂ ਵੱਲੋਂ ਝੱਲੇ ਜਾ ਰਹੇ ਦੁੱਖ ਅਤੇ ਸਮਾਜ ’ਤੇ ਪੈ ਰਹੇ ਪ੍ਰਭਾਵ ਨੂੰ ਲੈ ਕੇ ਵੀ ਚਰਚਾ ਹੋਈ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਦੇ ਉਦੇਸ਼ ਨਾਲ ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢੀ ਜਾ ਰਹੀ ਹੈ। ਫ਼ਾਜ਼ਿਲਕਾ ਪੜਾਅ ਦੌਰਾਨ ਆਸਫ਼ਵਾਲਾ ਵਿਖੇ ਸ਼ਹੀਦਾਂ ਦੀ ਯਾਦਗਾਰ ’ਤੇ ਨਤਮਸਤਕ ਹੋਣ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਗਈ ਇਹ ਗੱਲਬਾਤ ਯਾਤਰਾ ਦੇ ਪ੍ਰੋਗਰਾਮ ਦਾ ਅਹਿਮ ਹਿੱਸਾ ਰਹੀ। ਆਗੂਆਂ ਨੇ ਪਰਿਵਾਰਾਂ ਦੀਆਂ ਗੱਲਾਂ ਸੁਣਦਿਆਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।