ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵੈਕਸੀਨ ਬਾਰੇ ਕੀਤਾ ਜਾਗਰੂਕਤਾ
ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵੈਕਸੀਨ ਬਾਰੇ ਜਾਗਰੂਕਤਾ ਕੀਤਾ
Publish Date: Tue, 03 Mar 2026 04:59 PM (IST)
Updated Date: Tue, 03 Mar 2026 05:02 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫ਼ਾਜ਼ਿਲਕਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵਿਖੇ ਨਵੀਂ ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਰਿੰਕੂ ਚਾਵਲਾ, ਜ਼ਿਲ੍ਹਾ ਟੀਕਾਕਰਣ ਅਫ਼ਸਰ ਅਤੇ ਵਿਨੋਦ ਖੁਰਾਣਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵੱਲੋਂ ਅਧਿਆਪਿਕਾਂ ਅਤੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ HPV ਇੱਕ ਵਾਇਰਸ ਹੈ ਜੋ ਅਕਸਰ ਗਰਭਾਸ਼ਯ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੀਕਾਕਰਣ ਨਾਲ ਇਸ ਗੰਭੀਰ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਤਾ-ਪਿਤਾ ਨਾਲ ਸਲਾਹ ਕਰਕੇ ਸਰਕਾਰੀ ਸਿਹਤ ਕੇਂਦਰਾਂ ‘ਤੇ ਉਪਲਬਧ ਐੱਚ ਪੀ ਵੀ ਵੈਕਸੀਨ ਜ਼ਰੂਰ ਲਗਵਾਉਣ। ਵਿਨੋਦ ਖੁਰਾਣਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਾਗਰੂਕਤਾ ਹੀ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵੀ ਸੰਤੋਸ਼ਜਨਕ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਦੀਆਂ ਸ਼ੰਕਾਵਾਂ ਦੂਰ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਅਸ਼ੋਕ ਵਰਮਾ ਅਤੇ ਅਧਿਆਪਿਕਾ ਸੰਦੀਪ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਬੰਧਕ ਭਵਿੱਖ ਵਿੱਚ ਵੀ ਸਿਹਤ ਸੰਬੰਧੀ ਮੁਹਿੰਮਾਂ ਵਿੱਚ ਪੂਰਾ ਸਹਿਯੋਗ ਦੇਣਗੇ। ਅਖੀਰ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੈਕਸੀਨ ਸਬੰਧੀ ਸਹੀ ਜਾਣਕਾਰੀ ਹੋਰਾਂ ਤੱਕ ਵੀ ਪਹੁੰਚਾਉਣ ਤਾਂ ਜੋ ਸਮਾਜ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।