ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਮਾਜ ਦੇ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ : ਜੱਜ ਬਲਜਿੰਦਰ ਸਿੰਘ ਸੁਰੱਖਿਅਤ ਬਚਪਨ ਅਭਿਆਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ
Publish Date: Sat, 31 Oct 2026 04:08 PM (IST)
Updated Date: Sat, 31 Oct 2026 04:11 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫ਼ਾਜ਼ਿਲਕਾ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੇ ਗਏ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਹ ਸੈਮੀਨਾਰ 28 ਅਕਤੂਬਰ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਬਲਜਿੰਦਰ ਸਿੰਘ ਦੀ ਅਗਵਾਈ ਅਤੇ ਅਥਾਰਟੀ ਦੀ ਸਕੱਤਰ ਰੂਚੀ ਸਵਪਨ ਸ਼ਰਮਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੇ ਗਏ। ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ, ਸਰਕਾਰੀ ਹਾਈ ਸਕੂਲ ਅਬੋਹਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਜਲਾਲਾਬਾਦ ਵਿਖੇ ਸੈਮੀਨਾਰ ਕਰਵਾਏ ਗਏ। ਇਨ੍ਹਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਨਿਆਂਇਕ ਅਧਿਕਾਰੀਆਂ, ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਨੂੰ ‘ਮੇਰਾ ਬਚਪਨ, ਮੇਰਾ ਅਧਿਕਾਰ’ ਤੇ ‘ਕਾਨੂੰਨ ਜਾਣੋ, ਬਚਪਨ ਬਚਾਓ’ ਵਿਸ਼ਿਆਂ ਤਹਿਤ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੋਕਸੋ ਐਕਟ-2012, ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਸਮਝਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਦੀ ਸਹਾਇਤਾ ਲਈ ਰਾਸ਼ਟਰੀ ਚਾਈਲਡ ਹੈਲਪਲਾਈਨ ਨੰਬਰ 1098 ਦੀ ਵਰਤੋਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸਾਈਬਰ ਕ੍ਰਾਈਮ ਸੈੱਲ ਦੇ ਸਹਿਯੋਗ ਨਾਲ ‘ਸੁਰੱਖਿਅਤ ਕਲਿੱਕ, ਸੁਰੱਖਿਅਤ ਬਚਪਨ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਅਤੇ ਸਾਈਬਰ ਬੁਲਿੰਗ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਨਾਲਸਾ ਚਾਈਲਡ ਫ੍ਰੈਂਡਲੀ ਲੀਗਲ ਸਰਵਿਸਿਜ਼ ਸਕੀਮ-2024 ਅਤੇ ਪੋਕਸੋ ਐਕਟ ਸਬੰਧੀ ਪੈਂਫਲੇਟ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਮਾਜ ਦੇ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ। ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਫੋਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।