ਭੁੱਖ ਹੜਤਾਲੀ ਸੋਨਮ ਵਾਂਗਚੁੱਕ ਨੂੰ ਰਿਹਾਅ ਕਰਨ ਦੀ ਮੰਗ ਸਿੱਖਿਆ ਤੇ ਰੁਜ਼ਗਾਰ ਖਤਮ ਕਰ ਰਹੀ ਹੈ ਭਾਜਪਾ ਸਰਕਾਰ: ਰਮਨ ਧਰਮੂ ਵਾਲਾ, ਸਟਾਲਿਨ ਲਮੋਚੜ
Publish Date: Sat, 18 Jul 2026 04:58 PM (IST)
Updated Date: Sat, 18 Jul 2026 05:01 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਵੱਖ-ਵੱਖ ਥਾਵਾਂ ਤੇ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਕੇ ਜੰਤਰ-ਮੰਤਰ ਤੇ ਸ਼ਾਂਤੀਪੂਰਵਕ ਭੁੱਖ ਹੜਤਾਲ ਕਰ ਰਹੇ ਸੋਨਮ ਵਾਂਗਚੁੱਕ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਪ੍ਰਦਰਸ਼ਨ ਦੀ ਅਗਵਾਈ ਏਆਈਐਸਐਫ ਪੰਜਾਬ ਦੇ ਪ੍ਰਧਾਨ ਰਮਨ ਧਰਮੂ ਵਾਲਾ ਅਤੇ ਜ਼ਿਲ੍ਹਾ ਫਾਜ਼ਿਲਕਾ ਸਕੱਤਰ ਸਟਾਲਿਨ ਲਮੋਚੜ ਨੇ ਕੀਤੀ।ਆਗੂਆਂ ਨੇ ਦੋਸ਼ ਲਗਾਇਆ ਕਿ ਜੰਤਰ-ਮੰਤਰ ਤੇ ਸ਼ਾਂਤੀਪੂਰਵਕ ਧਰਨਾ ਦੇ ਰਹੇ ਪ੍ਰਸਿੱਧ ਵਿਗਿਆਨੀ ਸੋਨਮ ਵਾਂਗਚੁੱਕ ਨੂੰ ਦਿੱਲੀ ਪੁਲਿਸ ਵੱਲੋਂ ਜ਼ਬਰਦਸਤੀ ਹਿਰਾਸਤ ਵਿੱਚ ਲੈਣਾ ਲੋਕਤੰਤਰੀ ਹੱਕਾਂ ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਏਆਈਐਸਐਫ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਸ਼ਾਂਤੀਪੂਰਵਕ ਵਿਰੋਧ ਦੇ ਸੰਵਿਧਾਨਕ ਅਧਿਕਾਰ ਦਾ ਸਨਮਾਨ ਕਰਨ ਦੀ ਮੰਗ ਕਰਦੀ ਹੈ। ਰਮਨ ਧਰਮੂ ਵਾਲਾ ਅਤੇ ਸਟਾਲਿਨ ਲਮੋਚੜ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਸਿੱਖਿਆ ਅਤੇ ਰੁਜ਼ਗਾਰ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ 10 ਸਾਲਾਂ ਦੌਰਾਨ ਦੇਸ਼ ਵਿੱਚ ਇੱਕ ਲੱਖ ਤੋਂ ਵੱਧ ਸਰਕਾਰੀ ਸਕੂਲ ਬੰਦ ਹੋਏ ਹਨ ਅਤੇ 100 ਤੋਂ ਵੱਧ ਪੇਪਰ ਲੀਕ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਦੇਸ਼ ਦੇ ਕਰੋੜਾਂ ਬੇਰੁਜ਼ਗਾਰ ਨੌਜਵਾਨਾਂ ਦਾ ਭਵਿੱਖ ਵੀ ਖ਼ਤਰੇ ਵਿੱਚ ਹੈ।ਏਆਈਐਸਐਫ ਆਗੂਆਂ ਨੇ ਕਿਹਾ ਕਿ ਸਿੱਖਿਆ ਨੂੰ ਬਚਾਉਣ ਦੀ ਲੜਾਈ ਜਾਰੀ ਰਹੇਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਜਾਰੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਸੋਨਮ ਵਾਂਗਚੁੱਕ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਨਾਲ ਹੀ ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਹੋਣ ਵਾਲੇ ਸੰਸਦ ਮਾਰਚ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਮੂਲੀਅਤ ਕਰਨਗੇ।ਇਸ ਮੌਕੇ ਮਲਕੀਤ ਸਿੰਘ, ਮੁਖਤਿਆਰ ਸਿੰਘ, ਅਮਨਦੀਪ, ਰੋਹਿਤ ਸਮੇਤ ਹੋਰ ਵਿਦਿਆਰਥੀ ਵੀ ਹਾਜ਼ਰ ਸਨ।