ਪਰਮਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਜਪਾ ਵੱਲੋਂ ਧਰਨਾ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਜਪਾ ਵੱਲੋਂ ਧਰਨਾ
Publish Date: Wed, 14 Oct 2026 05:51 PM (IST)
Updated Date: Wed, 14 Oct 2026 05:54 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ: ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਦੇ ਵਿਰੋਧ ਵਿੱਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਡੀਸੀ ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਗਈ। ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਵੱਲੋਂ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਤੋਂ ਬਾਅਦ ਉਨ੍ਹਾਂ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੀਬੀਆਈ ਜਾਂਚ ਕਰਵਾਈ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨੇ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਨਪ੍ਰੀਤ ਕੌਰ ਸੰਧੂ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਸੰਦੀਪ ਜਾਖੜ ਅਤੇ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਵੰਦਨਾ ਸਾਂਘਵਾਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨਾਲ ਲੋਕਾਂ ਦੇ ਨਾਲ ਖੜ੍ਹੀ ਹੈ। ਨੌਜਵਾਨ ਪੀੜ੍ਹੀ ਦਾ ਭਵਿੱਖ ਨਸ਼ਿਆਂ ਕਾਰਨ ਹੋ ਰਿਹਾ ਪ੍ਰਭਾਵਿਤ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਭਾਜਪਾ ਦੀ ਸੂਬਾ ਸਕੱਤਰ ਵੰਦਨਾ ਸਾਂਘਵਾਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਵਿਅਕਤੀ ਜਾਂ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨਾ, ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁੱਦੇ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਨਾਲ-ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।