- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਾਜ ਮੰਡੀ ’ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਸ਼ਰੇਆਮ ਚੱਲੀਆਂ ਗੋਲੀਆਂ; ਇਕ ਨੌਜਵਾਨ ਗੰਭੀਰ ਜ਼ਖ਼ਮੀ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਅਬੋਹਰ : ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮੁੱਖ ਅਨਾਜ ਮੰਡੀ ਵਿੱਚ ਵੀਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਨੇ ਹੜਕੰਪ ਮਚਾ ਦਿੱਤਾ। ਝੜਪ ਦੌਰਾਨ ਸ਼ਰੇਆਮ ਗੋਲੀਬਾਰੀ ਹੋਣ ਦੇ ਨਾਲ-ਨਾਲ ਦੋ ਲਗਜ਼ਰੀ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਘਟਨਾ ਵਿੱਚ ਜੰਮੂ ਬਸਤੀ ਵਾਸੀ ਵਿਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਲੋਕਾ ਅਨੁਸਾਰ ਅਨਾਜ ਮੰਡੀ ਦੇ ਸ਼ੈੱਡ ਨੰਬਰ-7 ਨੇੜੇ ਦੋ ਲਗਜ਼ਰੀ ਗੱਡੀਆਂ ਆ ਕੇ ਰੁਕੀਆਂ ਸਨ। ਇਸੇ ਦੌਰਾਨ ਇੱਕ ਇਨੋਵਾ ਕਾਰ ਦੇ ਉੱਥੇ ਪਹੁੰਚਣ ’ਤੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਝੜਪ ਵਿੱਚ ਬਦਲ ਗਈ। ਦੋਵਾਂ ਧਿਰਾਂ ਦੇ ਨੌਜਵਾਨਾਂ ਨੇ ਲਾਠੀਆਂ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਸ਼ੀਸ਼ੇ ਤੋੜ ਦਿੱਤੇ। ਝੜਪ ਦੌਰਾਨ ਇੱਕ ਨੌਜਵਾਨ ਨੂੰ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਸਥਾਨਕ ਲੋਕਾਂ ਮੁਤਾਬਕ ਮੌਕੇ ’ਤੇ ਦੋ ਗੋਲੀਆਂ ਚੱਲਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ ਗੋਲੀਬਾਰੀ ਸਬੰਧੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਰਵਿੰਦਰ ਸਿੰਘ ਭਿੱਟੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ, ਪਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।