- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਅਨੁਸਾਰ ਅਨਾਜ ਮੰਡੀ ਦੇ ਸ਼ੈੱਡ ਨੰਬਰ-7 ਨੇੜੇ ਦੋ ਲਗਜ਼ਰੀ ਗੱਡੀਆਂ ਆ ਕੇ ਰੁਕੀਆਂ ਸਨ। ਇਸੇ ਦੌਰਾਨ ਇੱਕ ਇਨੋਵਾ ਕਾਰ ਦੇ ਉੱਥੇ ਪਹੁੰਚਣ ’ਤੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਝੜਪ ਵਿੱਚ ਬਦਲ ਗਈ। ਦੋਵਾਂ ਧਿਰਾਂ ਦੇ ਨੌਜਵਾਨਾਂ ਨੇ ਲਾਠੀਆਂ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਸ਼ੀਸ਼ੇ ਤੋੜ ਦਿੱਤੇ।

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ,ਅਬੋਹਰ: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮੁੱਖ ਅਨਾਜ ਮੰਡੀ ਵਿੱਚ ਵੀਰਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਨੇ ਤਰਥੱਲੀ ਮਚਾ ਦਿੱਤੀ। ਝੜਪ ਦੌਰਾਨ ਸ਼ਰੇਆਮ ਗੋਲੀਬਾਰੀ ਹੋਣ ਦੇ ਨਾਲ-ਨਾਲ ਦੋ ਲਗਜ਼ਰੀ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ। ਘਟਨਾ ਵਿੱਚ ਜੰਮੂ ਬਸਤੀ ਵਾਸੀ ਵਿਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਹਾਲਤ ਵਿੱਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਗੱਡੀਆਂ ਰੁਕਦਿਆਂ ਹੀ ਲਾਠੀਆਂ-ਡੰਡਿਆਂ ਨਾਲ ਹਮਲਾ
ਲੋਕਾਂ ਅਨੁਸਾਰ ਅਨਾਜ ਮੰਡੀ ਦੇ ਸ਼ੈੱਡ ਨੰਬਰ-7 ਨੇੜੇ ਦੋ ਲਗਜ਼ਰੀ ਗੱਡੀਆਂ ਆ ਕੇ ਰੁਕੀਆਂ ਸਨ। ਇਸੇ ਦੌਰਾਨ ਇੱਕ ਇਨੋਵਾ ਕਾਰ ਦੇ ਉੱਥੇ ਪਹੁੰਚਣ ’ਤੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਜੋ ਕੁਝ ਹੀ ਸਮੇਂ ਵਿੱਚ ਝੜਪ ਵਿੱਚ ਬਦਲ ਗਈ। ਦੋਵਾਂ ਧਿਰਾਂ ਦੇ ਨੌਜਵਾਨਾਂ ਨੇ ਲਾਠੀਆਂ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਸ਼ੀਸ਼ੇ ਤੋੜ ਦਿੱਤੇ।
ਝੜਪ ਦੌਰਾਨ ਇੱਕ ਨੌਜਵਾਨ ਨੂੰ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਸਥਾਨਕ ਲੋਕਾਂ ਮੁਤਾਬਕ ਮੌਕੇ ’ਤੇ ਦੋ ਗੋਲੀਆਂ ਚੱਲਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ ਗੋਲੀਬਾਰੀ ਸਬੰਧੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਰਵਿੰਦਰ ਸਿੰਘ ਭਿੱਟੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ, ਪਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਸੰਦੀਪ ਜਾਖੜ ਮੌਕੇ ’ਤੇ ਪੁੱਜੇ, ਸਰਕਾਰ ਨੂੰ ਘੇਰਿਆ
ਘਟਨਾ ਦੀ ਜਾਣਕਾਰੀ ਮਿਲਣ ’ਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਅਨਾਜ ਮੰਡੀ ਵਿੱਚ ਮੌਕੇ ’ਤੇ ਪੁੱਜੇ ਅਤੇ ਲੋਕਾਂ ਤੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਲਈ।
ਵਿਧਾਇਕ ਜਾਖੜ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਕਿ ਅਬੋਹਰ ਵਿੱਚ ਆਏ ਦਿਨ ਮਾਰਕੁੱਟ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰੇਆਮ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਨਾ ਹੋਣ ਦੇ ਦੋਸ਼ ਲਗਾਏ। ਜਾਖੜ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ।