ਫਾਜ਼ਿਲਕਾ ਦੇ ਪਿੰਡ ਘੱਟੀਆਂਵਾਲੀ ਜੱਟਾਂ ’ਚ ਬੈੱਡ ’ਤੇ ਮਿਲੀ 17 ਸਾਲਾ ਨੌਜਵਾਨ ਦੀ ਲਾਸ਼ ਫਾਜ਼ਿਲਕਾ ਦੇ ਪਿੰਡ ਘੱਟੀਆਂਵਾਲੀ ਜੱਟਾਂ ’ਚ ਬੈੱਡ ’ਤੇ ਮਿਲੀ 17 ਸਾਲਾ ਨੌਜਵਾਨ ਦੀ ਲਾਸ਼
Publish Date: Fri, 30 Oct 2026 05:07 PM (IST)
Updated Date: Fri, 30 Oct 2026 05:07 PM (IST)
ਨਵਜੋਤ ਸਿੰਘ,ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਜ਼ਿਲ੍ਹੇ ਦੇ ਪਿੰਡ ਘੱਟੀਆਂਵਾਲੀ ਜੱਟਾਂ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਘਰ ਵਿੱਚ ਬੈੱਡ ’ਤੇ 17 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਅਭਿਜੋਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ ਨੇ ਨੌਜਵਾਨ ਦੀ ਮੌਤ ਪਿੱਛੇ ਚਿੱਟੇ ਦੇ ਨਸ਼ੇ ਨੂੰ ਜ਼ਿੰਮੇਵਾਰ ਦੱਸਦਿਆਂ ਪਿੰਡ ਵਿੱਚ ਨਸ਼ੇ ਦੀ ਖੁੱਲ੍ਹੇਆਮ ਵਿਕਰੀ ਹੋਣ ਦੇ ਗੰਭੀਰ ਦੋਸ਼ ਲਗਾਏ ਹਨ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ। ਜਾਣਕਾਰੀ ਅਨੁਸਾਰ ਅਭਿਜੋਤ ਸਿੰਘ ਦਸਵੀਂ ਪਾਸ ਸੀ। ਪਿੰਡ ਵਾਸੀਆਂ ਬਾਜ ਸਿੰਘ, ਗੁਰਦਾਸ ਸਿੰਘ ਅਤੇ ਵਕੀਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਜਦੋਂ ਉਸ ਦੀ ਭਾਲ ਕਰਦੇ ਹੋਏ ਪਿੰਡ ਦੇ ਇੱਕ ਘਰ ਵਿੱਚ ਪਹੁੰਚੇ ਤਾਂ ਉਹ ਬੈੱਡ ’ਤੇ ਮ੍ਰਿਤਕ ਹਾਲਤ ਵਿੱਚ ਪਿਆ ਮਿਲਿਆ। ਨੌਜਵਾਨ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਭਿਜੋਤ ਦੇ ਪਿਤਾ ਹਰਜਿੰਦਰ ਸਿੰਘ ਦੀ ਵੀ ਕਰੀਬ ਸਵਾ ਸਾਲ ਪਹਿਲਾਂ ਮੌਤ ਹੋ ਗਈ ਸੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਸ ਸਮੇਂ ਵੀ ਉਨ੍ਹਾਂ ਦੀ ਮੌਤ ਚਿੱਟੇ ਦੇ ਨਸ਼ੇ ਕਾਰਨ ਹੋਈ ਸੀ ਅਤੇ ਉਨ੍ਹਾਂ ਦੀ ਲਾਸ਼ ਨਹਿਰ ਦੇ ਕਿਨਾਰੇ ਮਿਲੀ ਸੀ। ਹੁਣ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਉਸ ਦੀ ਮਾਂ ਹਰਪ੍ਰੀਤ ਕੌਰ ਅਤੇ ਦਾਦੀ ਹੀ ਰਹਿ ਗਈਆਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ੇ ਨੇ ਇਸ ਪਰਿਵਾਰ ਨੂੰ ਪੂਰੀ ਤਰ੍ਹਾਂ ਉਜਾੜ ਕੇ ਰੱਖ ਦਿੱਤਾ ਹੈ।ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਜਿਸ ਘਰ ਵਿੱਚੋਂ ਅਭਿਜੋਤ ਦੀ ਲਾਸ਼ ਮਿਲੀ ਹੈ, ਉੱਥੇ ਨਸ਼ੇ ਦੀ ਵਿਕਰੀ ਹੁੰਦੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਨਸ਼ੇ ਦੇ ਸੇਵਨ ਲਈ ਵਰਤੇ ਜਾਣ ਵਾਲੇ ਲਾਈਟਰ ਅਤੇ ਹੋਰ ਸਾਮਾਨ ਵੀ ਦਿਖਾਇਆ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਵੀ ਪਿੰਡ ਵਿੱਚ ਇੱਕ ਹੋਰ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋਈ ਸੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ ਅਤੇ ਗਲੀਆਂ ਵਿੱਚ ਚਿੱਟੇ ਦੀ ਵਿਕਰੀ ਇਸ ਤਰ੍ਹਾਂ ਹੋ ਰਹੀ ਹੈ, ਜਿਵੇਂ ਕਿਸੇ ਕਰਿਆਨੇ ਦੀ ਦੁਕਾਨ ਤੋਂ ਖੰਡ ਮਿਲਦੀ ਹੋਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਤੇ ਪਿੰਡ ਵਾਸੀਆਂ ਵਿਚਾਲੇ ਹੋਈ ਬਹਿਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਬਹਿਸ ਵੀ ਹੋਈ। ਪੁਲਿਸ ਅਧਿਕਾਰੀ ਲੋਕਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਕਹਿੰਦੇ ਨਜ਼ਰ ਆਏ। ਪੁਲਿਸ ਵੱਲੋਂ ਦੱਸਿਆ ਗਿਆ ਕਿ ਬਿਆਨ ਦਰਜ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਡੀਐੱਸਪੀ ਬੀਐੱਸ ਰੰਧਾਵਾ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਹੈ। ਮ੍ਰਿਤਕ ਦੀ ਮਾਤਾ ਹਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।