ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਲਈ ਗੈਰ-ਵਿੱਦਿਅਕ ਕੰਮਾਂ ਦਾ ਬਾਈਕਾਟ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਨੂੰ ਰੋਕਣ ਲਈ ਗੈਰ-ਵਿੱਦਿਅਕ ਕੰਮਾਂ ਦਾ ਬਾਈਕਾਟ : ਅਧਿਆਪਕ ਜਥੇਬੰਦੀਆਂ
Publish Date: Thu, 17 Sep 2026 05:55 PM (IST)
Updated Date: Fri, 18 Sep 2026 04:09 AM (IST)
ਦੀਪਕ ਕੁਮਾਰ ਡੀਕੇ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਸਬੰਧੀ ਸੂਬਾ ਪੱਧਰ ’ਤੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਫਾਜ਼ਿਲਕਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ ਏਡੀਸੀ ਜਨਰਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਧਿਆਪਕਾਂ ਨੂੰ ਰਾਸ਼ਨ ਕਾਰਡ ਵੈਰੀਫਿਕੇਸ਼ਨ, ਫਲੱਡ ਕੰਟਰੋਲ ਸਮੇਤ ਹੋਰ ਗੈਰ-ਵਿੱਦਿਅਕ ਕੰਮਾਂ ਵਿੱਚ ਲਗਾਈਆਂ ਜਾ ਰਹੀਆਂ ਡਿਊਟੀਆਂ ’ਤੇ ਇਤਰਾਜ਼ ਜਤਾਇਆ ਗਿਆ। ਅਧਿਆਪਕ ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਕੰਮਾਂ ਵਿੱਚ ਡਿਊਟੀਆਂ ਲੱਗਣ ਕਾਰਨ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ’ਤੇ ਇਸ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਸਕੂਲਾਂ ਦੀ ਸਥਿਤੀ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਹੈ। ਉਨ੍ਹਾਂ ਸਕੂਲਾਂ ਵਿੱਚ ਖਾਲੀ ਅਸਾਮੀਆਂ ਅਤੇ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਨੂੰ ਵੀ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦਾ ਮੁੱਖ ਕਾਰਨ ਦੱਸਿਆ। ਅਧਿਆਪਕ ਆਗੂਆਂ ਨੇ ਦੋਸ਼ ਲਗਾਇਆ ਕਿ ਸਕੂਲਾਂ ਦਾ 50 ਤੋਂ 60 ਫ਼ੀਸਦੀ ਤੱਕ ਸਟਾਫ਼ ਵੱਖ-ਵੱਖ ਗੈਰ-ਵਿੱਦਿਅਕ ਡਿਊਟੀਆਂ ਵਿੱਚ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਕਲਾਸਾਂ ਵਿੱਚ ਪੜ੍ਹਾਈ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਸਕੂਲਾਂ ਵਿੱਚ ਪੜ੍ਹਾਈ ਅਤੇ ਹੋਰ ਵਿੱਦਿਅਕ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾ ਸਕਣ। ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਨਾ ਲੈਣ ਸਬੰਧੀ ਕੀਤੇ ਗਏ ਵਾਅਦੇ ਨੂੰ ਅਮਲੀ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਨੂੰ ਸਿਰਫ਼ ਵਿੱਦਿਅਕ ਕੰਮਾਂ ’ਤੇ ਕੇਂਦਰਿਤ ਕਰਨ ਦੀ ਲੋੜ ਹੈ। ਇਸ ਮੌਕੇ ਅਧਿਆਪਕ ਆਗੂ ਦਲਜੀਤ ਸਿੰਘ ਸੱਭਰਵਾਲ, ਦਪਿੰਦਰ ਸਿੰਘ ਢਿੱਲੋਂ, ਜਗਨੰਦਨ ਸਿੰਘ, ਅਸ਼ੋਕ ਸਰਾਰੀ, ਇਨਕਲਾਬ ਸਿੰਘ ਗਿੱਲ, ਦਲੀਪ ਸਿੰਘ ਸੈਣੀ, ਬਲਵਿੰਦਰ ਸਿੰਘ, ਸਤਨਾਮ ਸਿੰਘ, ਚਿਮਨ ਸਿੰਘ, ਸੁਨੀਲ ਗਾਂਧੀ, ਹਰਭਜਨ ਲਾਲ ਸਮੇਤ ਹੋਰ ਅਧਿਆਪਕ ਮੌਜੂਦ ਸਨ।