ਸੁਖਵਿੰਦਰ ਥਿੰਦ ਫਾਜ਼ਿਲਕਾ : ਜਲਾਲਾਬਾਦ ਦੇ ਪਿੰਡ ਘਾਂਗਾ ਖ਼ੁਰਦ ਵਿਖੇ ਇੱਕ ਘਰ ਵਿੱਚ ਵੜ ਕੇ ਪਰਿਵਾਰਕ ਮੈਂਬਰਾਂ 'ਤੇ ਗੋਲੀਆਂ ਚਲਾਉਣ ਅਤੇ ਭੰਨ-ਤੋੜ ਕਰਨ ਦੀ ਘਟਨਾ ਦੀ ਵੀਡੀਓ ਅੱਜ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਪਿੱਛੋਂ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ 6 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੇ ਟੀਮਾਂ ਦਾ ਗਠਨ ਕੀਤਾ ਹੈ।

ਵਾਇਰਲ ਵੀਡੀਓ 'ਚ ਪੀੜਤ ਇਸ ਹਮਲੇ ਦੇ ਪਿੱਛੇ ਨਸ਼ੇ ਨੂੰ ਕਾਰਨ ਦੱਸ ਰਹੇ ਹਨ ਅਤੇ ਉਨ੍ਹਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਇਹ ਵਿਅਕਤੀ ਪਿੰਡ 'ਚ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ।

ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Posted By: Jagjit Singh