ਸਾਡੀ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ਾ ਸੌਦਾਗਰਾਂ ਖ਼ਿਲਾਫ਼ ਹੈ : ਨਾਇਬ ਸੈਣੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦਾ ਸੱਦਾ, ਨਸ਼ਾ ਪੀੜਤਾਂ ਨੂੰ ਇਲਾਜ ਤੇ ਸਹਾਰੇ ਦੀ ਲੋੜ ’ਤੇ ਦਿੱਤਾ ਜ਼ੋਰ
Publish Date: Mon, 21 Sep 2026 05:32 PM (IST)
Updated Date: Mon, 21 Sep 2026 05:32 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੀਤੋ ਵਿਖੇ ਪੁੱਜੀ। ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਗਿਆਨੀ, ਜ਼ੋਨ-3 ਯਾਤਰਾ ਦੇ ਇੰਚਾਰਜ ਰੰਜਮ ਕਮਰਾ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਸਮੇਤ ਹੋਰ ਆਗੂ ਅਤੇ ਪਤਵੰਤੇ ਮੌਜੂਦ ਰਹੇ। ਰੰਜਮ ਕਾਮਰਾ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਉਨ੍ਹਾਂ ਲਈ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਸੰਦੇਸ਼ ਪੰਜਾਬ ਦੀ ਜੀਵਨ-ਜਾਚ ਦਾ ਅਹਿਮ ਹਿੱਸਾ ਹੈ। ਪੰਜਾਬ ਨੂੰ ਨਸ਼ਿਆਂ ਦੇ ਜਾਲ ਤੋਂ ਮੁਕਤ ਕਰਨਾ ਸਮੂਹ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ। ਯਾਤਰਾ ਦੌਰਾਨ ਰੰਜਮ ਕਾਮਰਾ ਨੇ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ, ਸਹਾਰੇ ਅਤੇ ਪਿਆਰ ਦੀ ਲੋੜ ਹੈ। ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪਰਿਵਾਰ ਅਤੇ ਸਮਾਜ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸੰਦੀਪ ਜਾਖੜ ਨੇ ਕਿਹਾ ਕਿ ਨਸ਼ਾ ਪੀੜਤਾਂ ਨਾਲ ਨਹੀਂ, ਸਗੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲੜਾਈ ਲੜਨ ਦੀ ਲੋੜ ਹੈ। ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਲਿਆਉਣ ਲਈ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਭੂਮਿਕਾ ਨਿਭਾਉਣ। ਯਾਤਰਾ ਦੌਰਾਨ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਜਨਸੇਵਾ ਅਤੇ ਵਿਕਾਸ ਨਾਲ ਜੁੜੇ ਤਜਰਬਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।