ਜਲਾਲਾਬਾਦ ਤੇ ਫਾਜ਼ਿਲਕਾ ’ਚ 90.21 ਕਰੋੜ ਰੁਪਏ ਦੇ ਨਹਿਰੀ ਵਿਕਾਸ ਕਾਰਜ ਜਾਰੀ ਜਲਾਲਾਬਾਦ ਤੇ ਫਾਜ਼ਿਲਕਾ ਵਿੱਚ 90.21 ਕਰੋੜ ਰੁਪਏ ਦੇ ਨਹਿਰੀ ਵਿਕਾਸ ਕਾਰਜ ਜਾਰੀ
Publish Date: Tue, 27 Oct 2026 03:59 PM (IST)
Updated Date: Tue, 27 Oct 2026 04:01 PM (IST)
ਬੰਪਲ ਬਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਜਲਾਲਾਬਾਦ ਅਤੇ ਫਾਜ਼ਿਲਕਾ ਇਲਾਕਿਆਂ ਵਿੱਚ ਨਹਿਰੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਮਾਈਨਰਾਂ ਦੀ ਮੁਰੰਮਤ ਅਤੇ ਖਾਲਿਆਂ ਦੇ ਨਿਰਮਾਣ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਾਸਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਹੈ। ਵਿਧਾਇਕ ਨੇ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਕੰਮਾਂ ਸਬੰਧੀ ਮੁੱਦੇ ਉਠਾਉਂਦਿਆਂ ਕਿਹਾ ਕਿ ਇਲਾਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਹਿਰੀ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਦੀ ਸਹੂਲਤ ਮਿਲੇਗੀ। ਵਿਧਾਇਕ ਗੋਲਡੀ ਕੰਬੋਜ ਨੇ ਤਰੋਬੜੀ ਮਾਈਨਰ ਦੀ ਮੁਰੰਮਤ ਅਤੇ ਨਵੀਨੀਕਰਨ ਲਈ 25.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਅਤੇ ਰੋੜਾਂਵਾਲੀ ਮਾਈਨਰ ਨਾਲ ਸਬੰਧਤ ਕੰਮਾਂ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਹੂਲਤ ਤੋਂ ਵਾਂਝੇ ਰਹੇ ਇਲਾਕਿਆਂ ਤੱਕ ਪਾਣੀ ਪਹੁੰਚਾਉਣਾ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਵਿਧਾਨ ਸਭਾ ਵਿੱਚ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬਰਕਤਵਾਲਾ ਮਾਈਨਰ ਦਾ ਕੰਮ 8.39 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਰੋੜਾਂਵਾਲੀ ਮਾਈਨਰ ਨਾਲ ਸਬੰਧਤ ਕੰਮਾਂ ਲਈ ਵੀ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਤਰੋਬੜੀ ਮਾਈਨਰ ਦਾ 25.89 ਕਰੋੜ ਰੁਪਏ ਦੀ ਲਾਗਤ ਵਾਲਾ ਕੰਮ ਜਾਰੀ ਹੈ। ਮੰਤਰੀ ਨੇ ਦੱਸਿਆ ਕਿ ਜਲਾਲਾਬਾਦ ਦੇ ਕਈ ਇਲਾਕਿਆਂ ਵਿੱਚ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਕਿਸਾਨ ਲੰਮੇ ਸਮੇਂ ਤੋਂ ਇਸ ਸਹੂਲਤ ਦੀ ਉਡੀਕ ਕਰ ਰਹੇ ਸਨ। ਚੌਧਰੀਵਾਲਾ ਅਤੇ ਸੇਲੇਵਾਲਾ ਮਾਈਨਰਾਂ ਦੇ ਇਲਾਕਿਆਂ ਵਿੱਚ ਲਗਭਗ 65 ਸਾਲਾਂ ਬਾਅਦ ਨਹਿਰੀ ਪਾਣੀ ਪਹੁੰਚਣਾ ਇਸ ਗੱਲ ਦਾ ਸਬੂਤ ਹੈ ਕਿ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਲਈ ਕਦਮ ਚੁੱਕੇ ਜਾ ਰਹੇ ਹਨ। ਛੇ ਨਹਿਰਾਂ ਦੀ ਕੰਕਰੀਟ ਲਾਈਨਿੰਗ ’ਤੇ ਖਰਚੇ 54.23 ਕਰੋੜ ਜਲ ਸਰੋਤ ਮੰਤਰੀ ਅਨੁਸਾਰ ਛੇ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ 54.23 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 15.98 ਕਰੋੜ ਰੁਪਏ ਦੀ ਲਾਗਤ ਨਾਲ 32 ਖਾਲਿਆਂ ਦਾ ਨਿਰਮਾਣ ਕੀਤਾ ਗਿਆ ਹੈ, ਜਦਕਿ 20 ਕਰੋੜ ਰੁਪਏ ਦੀ ਲਾਗਤ ਨਾਲ 31 ਹੋਰ ਖਾਲਿਆਂ ਦੇ ਨਿਰਮਾਣ ਦਾ ਕੰਮ ਜਾਰੀ ਹੈ। ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨਹਿਰਾਂ, ਮਾਈਨਰਾਂ ਅਤੇ ਖਾਲਿਆਂ ਨਾਲ ਸਬੰਧਤ ਮੁਕੰਮਲ ਹੋ ਚੁੱਕੇ ਅਤੇ ਜਾਰੀ ਵਿਕਾਸ ਕਾਰਜਾਂ ’ਤੇ ਕੁੱਲ 90.21 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਦੀ ਬਿਹਤਰ ਸਹੂਲਤ ਦੇਣਾ ਅਤੇ ਨਹਿਰੀ ਪ੍ਰਬੰਧ ਨੂੰ ਮਜ਼ਬੂਤ ਕਰਨਾ ਹੈ। 9.88 ਕਰੋੜ ਦੀ ਲਾਗਤ ਨਾਲ ਬਣਿਆ ਮੌਜ਼ਮ ਪੁਲ ਵਿਧਾਇਕ ਗੋਲਡੀ ਕੰਬੋਜ ਨੇ ਪਿੰਡ ਜੈਮਲਵਾਲਾ ਨੇੜੇ 9.88 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਮੌਜ਼ਮ ਪੁਲ ਦਾ ਵੀ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਪੁਲ ਬਣਨ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਲਗਭਗ 12 ਕਿਲੋਮੀਟਰ ਵਾਧੂ ਸਫ਼ਰ ਕਰਨਾ ਪੈਂਦਾ ਸੀ। ਪੁਲ ਦੀ ਉਸਾਰੀ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲੀ ਹੈ ਅਤੇ ਪੇਂਡੂ ਸੰਪਰਕ ਸਹੂਲਤਾਂ ਵਿੱਚ ਸੁਧਾਰ ਹੋਇਆ ਹੈ। ਵਿਧਾਇਕ ਨੇ ਕਿਹਾ ਕਿ ਜਲਾਲਾਬਾਦ ਅਤੇ ਫਾਜ਼ਿਲਕਾ ਇਲਾਕਿਆਂ ਵਿੱਚ ਨਹਿਰੀ ਪ੍ਰਬੰਧ ਮਜ਼ਬੂਤ ਕਰਨ, ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਅਤੇ ਪੇਂਡੂ ਸੰਪਰਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਇਹ ਕੰਮ ਮਹੱਤਵਪੂਰਨ ਹਨ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।