ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ
Publish Date: Mon, 20 Jul 2026 04:53 PM (IST)
Updated Date: Mon, 20 Jul 2026 04:55 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਲਗਾਤਾਰ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਪੰਜ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਖਾਮੀਆਂ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਸਕੂਲੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੰਜ ਵਾਹਨ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਜਿਨ੍ਹਾਂ ਦੇ ਚਲਾਨ ਕੀਤੇ ਗਏ। ਇਸ ਦੇ ਨਾਲ ਹੀ ਵੈਨ ਅਤੇ ਬੱਸ ਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਸਕੂਲ ਅਤੇ ਵਾਹਨ ਮਾਲਕ ਲਈ ਲਾਜ਼ਮੀ ਹੈ। ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ, ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਰੀਤੂ ਬਾਲਾ ਨੇ ਦੱਸਿਆ ਕਿ ਸਕੂਲੀ ਬੱਸਾਂ ਵਿੱਚ ਸਪੀਡ ਗਵਰਨਰ, ਫਸਟ ਏਡ ਬਾਕਸ, ਸੀਸੀਟੀਵੀ ਕੈਮਰੇ, ਐਮਰਜੈਂਸੀ ਐਗਜ਼ਿਟ, ਬੱਚਿਆਂ ਦੇ ਬੈਗ ਰੱਖਣ ਲਈ ਢੁੱਕਵੀਂ ਥਾਂ, ਤਜਰਬੇਕਾਰ ਡਰਾਈਵਰ, ਸਕੂਲ ਦਾ ਨਾਮ ਅਤੇ ਸੰਪਰਕ ਨੰਬਰ, ਸੁਨਿਹਰੀ ਪੀਲਾ ਰੰਗ ਅਤੇ ਹੋਰ ਸਾਰੇ ਸੁਰੱਖਿਆ ਮਾਪਦੰਡ ਲਾਜ਼ਮੀ ਹਨ। ਇਸ ਤੋਂ ਇਲਾਵਾ ਵਾਹਨਾਂ ਵਿੱਚ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਹੀਕਲ ਐਕਟ ਅਧੀਨ ਕਾਰਵਾਈ ਦੇ ਨਾਲ-ਨਾਲ ਲੋੜ ਪੈਣ ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 188 ਤਹਿਤ ਵੀ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਚੈਕਿੰਗ ਮੁਹਿੰਮ ਦੌਰਾਨ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਅਜੈ ਸ਼ਰਮਾ, ਸੋਸ਼ਲ ਵਰਕਰ ਜਸਵਿੰਦਰ ਕੌਰ, ਟ੍ਰੈਫਿਕ ਪੁਲਿਸ ਇੰਚਾਰਜ ਏਐਸਆਈ ਮਲਕੀਤ ਸਿੰਘ, ਸੁਰਿੰਦਰ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਕ੍ਰਿਸ਼ਨਕਾਂਤ ਵੀ ਹਾਜ਼ਰ ਸਨ।