‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ਼ਤਰੰਜ ਮੁਕਾਬਲੇ ਸ਼ੁਰੂ ਗੌਡਵਿਨ ਪਬਲਿਕ ਸਕੂਲ ਘੱਲੂ ’ਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ਼ਤਰੰਜ ਮੁਕਾਬਲੇ ਸ਼ੁਰੂ
Publish Date: Thu, 01 Oct 2026 08:00 PM (IST)
Updated Date: Fri, 02 Oct 2026 04:11 AM (IST)
ਲੜਕੀਆਂ ਦੇ ਅੰਡਰ-14, ਅੰਡਰ-17 ਤੇ ਅੰਡਰ-21 ਵਰਗ ਦੇ ਮੁਕਾਬਲੇ ਕਰਵਾਏ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਲਈ ਮਿਲ ਰਿਹਾ ਮੰਚ : ਲਖਵਿੰਦਰ ਕੌਰ ਬਰਾੜ ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗੌਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਸ਼ੁਰੂ ਹੋ ਗਏ ਹਨ। ਸਕੂਲ ਨੂੰ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ 28 ਸਤੰਬਰ ਤੋਂ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਸਕੂਲ ਦੇ ਡੀ.ਪੀ. ਮੋਹਿਤ ਨੇ ਦੱਸਿਆ ਕਿ 28 ਸਤੰਬਰ ਨੂੰ ਲੜਕਿਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-21 ਵਰਗ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਬਾਅਦ 30 ਸਤੰਬਰ ਨੂੰ ਲੜਕਿਆਂ ਦੇ 21-30 ਸਾਲ ਅਤੇ 31-40 ਸਾਲ ਵਰਗ ਦੇ ਨਾਲ ਪੁਰਸ਼ਾਂ ਦੇ 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਲੜਕੀਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-21 ਵਰਗ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਸ਼ਤਰੰਜ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਮੁਕਾਬਲਿਆਂ ਦੌਰਾਨ ਖਿਡਾਰੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਹ ਪੂਰੇ ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਆਯੋਜਨ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਤਰੰਜ ਵਰਗੀਆਂ ਖੇਡਾਂ ਬੱਚਿਆਂ ਵਿੱਚ ਇਕਾਗਰਤਾ, ਧੀਰਜ, ਫੈਸਲਾ ਲੈਣ ਦੀ ਸਮਰੱਥਾ ਅਤੇ ਰਣਨੀਤਕ ਸੋਚ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਦਾ ਮੌਕਾ ਦੇਣ ਲਈ ਪੰਜਾਬ ਸਰਕਾਰ, ਖੇਡ ਵਿਭਾਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਅਤੇ ਜ਼ਿਲ੍ਹਾ ਖੇਡ ਅਫਸਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦੇ ਸੁਚਾਰੂ ਆਯੋਜਨ ਲਈ ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾ ਨੇ ਕਿਹਾ ਕਿ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਸ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸ਼ਤਰੰਜ ਮੁਕਾਬਲਿਆਂ ਨੂੰ ਲੈ ਕੇ ਸਕੂਲ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਕੂਲ ਦੀ ਪੂਰੀ ਟੀਮ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।