ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ
Publish Date: Thu, 24 Sep 2026 05:24 PM (IST)
Updated Date: Fri, 25 Sep 2026 04:06 AM (IST)
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਹਦਾਇਤਾਂ ਰਮਨ ਕੁਮਾਰ, ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਕੁਲਵੰਤ ਸਿੰਘ ਵੱਲੋਂ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਨਿਰਧਾਰਤ ਖੇਤਰਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ। ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਲਈ ਉਪਲਬਧ ਵਿਕਲਪਾਂ ਬਾਰੇ ਵੀ ਜਾਣਕਾਰੀ ਦੇਣ ਦੀ ਹਦਾਇਤ ਕੀਤੀ ਗਈ। ਡਾ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ, ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਵਿਹਾਰਕ ਤੇ ਤਕਨੀਕੀ ਵਿਕਲਪ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਮੀਟਿੰਗ ਦੌਰਾਨ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਖੇਤਾਂ ਦੀ ਨਿਗਰਾਨੀ ਕਰਨ, ਕਿਸਾਨਾਂ ਨਾਲ ਸੰਪਰਕ ਵਧਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਯਮਿਤ ਰਿਪੋਰਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗੀ ਟੀਮਾਂ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ।