ਮੁੱਖ ਮੰਤਰੀ ਭਗਵੰਤ ਮਾਨ ਜਲਾਲਾਬਾਦ ਪਹੁੰਚ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਭਗਵੰਤ ਮਾਨ ਜਲਾਲਾਬਾਦ ਪਹੁੰਚ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
Publish Date: Sun, 22 Mar 2026 07:25 PM (IST)
Updated Date: Sun, 22 Mar 2026 07:28 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਜਲਾਲਾਬਾਦ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਨਵੀਆਂ ਸੜਕਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਲਾਕੇ ਦੇ ਸਮੁੱਚੇ ਵਿਕਾਸ ਲਈ ਵੱਡੇ ਪੱਧਰ ਤੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ 508 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਜਲਾਲਾਬਾਦ ਸਮੇਤ ਆਸ-ਪਾਸ ਦੇ ਖੇਤਰਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੇ ਸੁਧਾਰ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਬਲ ਮਿਲੇਗਾ।ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਰਹਿਣਗੇ। ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਆਯੋਜਿਤ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਰਫ ਵਾਅਦੇ ਕੀਤੇ, ਪਰ ਮੌਜੂਦਾ ਸਰਕਾਰ ਜਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਹਿਲਾਵਾਂ ਲਈ ਚੱਲ ਰਹੀਆਂ ਯੋਜਨਾਵਾਂ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸੜਕਾਂ, ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ ਲਿਆਂਦੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਹੋਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਸਮਰਥਨ ਦਿੱਤਾ। ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਲਈ ਉਨ੍ਹਾਂ ਵੱਲੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਮੰਤਰੀ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੀੜਤ ਲੋਕਾਂ ਨੂੰ ਚੈਕ ਭੇਟ ਕੀਤੇ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਹਰ ਸੰਕਟ ਵੇਲੇ ਲੋਕਾਂ ਦੇ ਨਾਲ ਖੜੀ ਹੈ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ, ਘਰ ਮਾਲਕਾਂ ਅਤੇ ਛੋਟੇ ਵਪਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੀ ਜ਼ਿੰਦਗੀ ਮੁੜ ਪੱਟੜ ’ਤੇ ਲਿਆ ਸਕਣ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਨੁਕਸਾਨ ਦੀ ਪੂਰੀ ਜਾਂਚ ਕਰਕੇ ਹਰ ਪੀੜਤ ਤੱਕ ਮਦਦ ਪਹੁੰਚਾਈ ਜਾਵੇ।ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਵੀ ਖਾਸ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।ਇਸ ਮੌਕੇ ਕੈਬਿਨੇਟ ਮੰਤਰੀ ਬਰਿੰਦਰ ਗੋਇਲ ,ਕੈਬਿਨੇਟ ਮੰਤਰੀ ਡਾ.ਬਲਜੀਤ ਕੌਰ,ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਜਗਦੀਪ ਕੰਬੋਜ ਗੋਲਡੀ,ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਿਰ ਅਤੇ ਪ੍ਰਸ਼ਾਨਿਕ ਅਧਿਕਾਰੀ ਹਾਜਰ ਸਨ।