- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਕੈਂਸਰ ਦਾ ਇਲਾਜ ਸੰਭਵ ਹੈ

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਇੰਟਰਨੈਸ਼ਨਲ ਬਾਲ ਕੈਂਸਰ ਦਿਵਸ ਦੇ ਮੌਕੇ ’ਤੇ ਸਿਵਿਲ ਹਸਪਤਾਲ ਫਾਜ਼ਿਲਕਾ ਅਧੀਨ ਕੈਂਸਰ ਕੇਅਰ ਸੈਂਟਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫਸਰਾਂ ਅਤੇ ਸਿਹਤ ਵਿਭਾਗ ਦੀ ਮਾਸ ਮੀਡੀਆ ਬ੍ਰਾਂਚ ਵੱਲੋਂ ਲੋਕਾਂ ਨੂੰ ਬਾਲ ਕੈਂਸਰ ਦੇ ਲੱਛਣਾਂ, ਬਚਾਅ ਅਤੇ ਸਮੇਂ ਸਿਰ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਮੈਡੀਕਲ ਅਫਸਰ ਡਾ. ਲਵਿਸ਼ ਗੁਲਬਧਰ, ਡਾ. ਸੁਮਿਤ ਕਟਾਰੀਆ, ਡਾ. ਅਮਿਤ ਕਟਾਰੀਆ ਤੇ ਡਾ. ਅੰਬਿਕਾ ਸੇਠੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੈਂਸਰ ਦੀ ਬਿਮਾਰੀ ਵੱਡਿਆਂ ਨਾਲੋਂ ਵੱਖਰੀ ਹੁੰਦੀ ਹੈ ਅਤੇ ਇਸ ਦੇ ਲੱਛਣਾਂ ਨੂੰ ਸਮੇਂ ’ਤੇ ਪਛਾਣਣਾ ਬਹੁਤ ਜ਼ਰੂਰੀ ਹੈ। ਲਗਾਤਾਰ ਬੁਖਾਰ ਰਹਿਣਾ, ਵਜ਼ਨ ਘਟਣਾ, ਸਰੀਰ ’ਤੇ ਗੰਢ ਬਣ ਜਾਣਾ, ਹੱਡੀਆਂ ਜਾਂ ਜੋੜਾਂ ਵਿੱਚ ਦਰਦ, ਬਾਰ-ਬਾਰ ਇੰਫੈਕਸ਼ਨ ਹੋਣਾ ਅਤੇ ਅਸਧਾਰਣ ਖੂਨ ਵਗਣਾ ਆਦਿ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇ ਬੱਚਿਆਂ ਵਿੱਚ ਇਸ ਤਰ੍ਹਾਂ ਦੇ ਕੋਈ ਵੀ ਸੰਕੇਤ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਮੈਡੀਕਲ ਅਫਸਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ ਦੇ ਸਮੇਂ ਵਿੱਚ ਬਾਲ ਕੈਂਸਰ ਦਾ ਇਲਾਜ ਸੰਭਵ ਹੈ ਅਤੇ ਜੇ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਬਚਾਅ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਜਾਂ ਰਿਆਯਤੀ ਦਰਾਂ ’ਤੇ ਇਲਾਜ ਦੀਆਂ ਸੁਵਿਧਾਵਾਂ ਉਪਲਬਧ ਹਨ ਅਤੇ ਵੱਖ-ਵੱਖ ਸਿਹਤ ਯੋਜਨਾਵਾਂ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਕੀਤੀ ਜਾਂਦੀ ਹੈ।