ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ : ਡਾ. ਕਵਿਤਾ ਸਿੰਘ
ਸਿਵਲ ਸਰਜਨ ਵੱਲੋਂ ਪ੍ਰੋਗ੍ਰਾਮ ਅਫ਼ਸਰਾਂ,ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ
Publish Date: Sun, 22 Feb 2026 04:28 PM (IST)
Updated Date: Sun, 22 Feb 2026 04:30 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਸਮੇਂ ਡਾ.ਕਵਿਤਾ ਸਿੰਘ ਨੇ ਕਿਹਾ ਕਿ ਕੌਮੀ ਅਤੇ ਰਾਜ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਆਦਮੀ ਕਲੀਨਿਕਾਂ ਦੀ ਸੁਚਾਰੂ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ। ਜਿਸ ਵਿੱਚ ਖਾਸ ਤੌਰ ਤੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਚੇ ਦੇ ਵਿਸਥਾਰ ਅਤੇ ਮਰੀਜ਼ ਦੇਖਭਾਲ ਤੇ ਜ਼ੋਰ ਦਿੰਦਿਆਂ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਸਾਰੇ ਸਿਹਤ ਸੰਸਥਾਨਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਖ਼ਾਸ ਕਰਕੇ ਹਾਈ ਰਿਸਕ ਪ੍ਰੈਗਨੈਂਟ ਔਰਤਾਂ ਦੀ ਪਹਿਲ ਦੇ ਆਧਾਰ ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾਂ ਜਾਵੇ ਅਤੇ ਐਨਸੀਡੀ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ।ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਲੈਬ ਟੈਸਟ ਅਤੇ ਤੁਰੰਤ ਇਲਾਜ ਦੀ ਸਹੂਲਤ ਨੂੰ ਬਿਨਾ ਰੁਕਾਵਟ ਜਾਰੀ ਰੱਖਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਲੀ-ਮਾਨਸ ਸੇਵਾ ਨੂੰ ਵੀ ਸਰਗਰਮ ਢੰਗ ਨਾਲ ਚਲਾਉਣ ਦੀ ਹਦਾਇਤ ਦਿੱਤੀ ਤਾਂ ਜੋ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਮਾਹਿਰਾਂ ਨਾਲ ਟੋਲ ਫਰੀ ਫੋਨ ਨੰਬਰ 1800-89-4416 ਜਾਂ 14416 ਰਾਹੀਂ ਸਲਾਹ-ਮਸ਼ਵਰਾ ਆਸਾਨੀ ਨਾਲ ਮਿਲ ਸਕੇ ਅਤੇ ਇਸ ਸੇਵਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਈ ਜਾਵੇ। ਡਾ. ਕਵਿਤਾ ਸਿੰਘ ਨੇ ਹਦਾਇਤ ਕੀਤੀ ਕਿ ਸਾਰੇ ਪ੍ਰੋਗ੍ਰਾਮ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ, ਡਾਕਟਰਾਂ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਕਾਫ਼ੀ ਸਟਾਕ ਕਾਇਮ ਰੱਖਣ ਅਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ। ਸਾਰੇ ਰਿਕਾਰਡ ਤੇ ਆਨਲਾਈਨ ਡਾਟਾ ਸਮੇਂ-ਸਮੇਂ ’ਤੇ ਅਪਡੇਟ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉੱਚ ਅਧਿਕਾਰੀਆਂ ਨੂੰ ਨਿਯਮਿਤ ਪ੍ਰਗਤੀ ਰਿਪੋਰਟ ਭੇਜੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਰੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਲਿਆਉਣ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਏਰਿਕ, ਡਾ.ਸੁਮਿਤ ਸਿੰਘ, ਡਾ.ਸੁਨੀਤਾ ਐਪੀਡਮੈਲੋਜਿਸਟ, ਡਾ. ਵਿਕਾਸ ਗਾਂਧੀ, ਡਾ.ਅੰਕੁਸ਼ ਮੌਜੂਦ ਸਨ ।