- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲੀ ਪਲਾਟਾਂ ਦੀ ਸਫ਼ਾਈ ਤੇ ਚਾਰਦੀਵਾਰੀ ਲਾਜ਼ਮੀ, ਡੀ.ਸੀ. ਦੇ ਸਖ਼ਤ ਹੁਕਮ

ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਵਿੱਚ ਖਾਲੀ ਪਲਾਟਾਂ ਦੀ ਸਫ਼ਾਈ ਅਤੇ ਚਾਰਦੀਵਾਰੀ ਲਾਜ਼ਮੀ, ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤੇ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂਨੇ ਹੁਕਮ ਜਾਰੀ ਕਰਦੇ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਨਿੱਜੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਦੀ ਸਫ਼ਾਈ ਅਤੇ ਸੁਰੱਖਿਆ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਗਸਤ 2026 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਅਨੁਸਾਰ ਖਾਲੀ ਪਲਾਟਾਂ ਦੇ ਮਾਲਕ ਜਾਂ ਕਬਜ਼ਾਧਾਰੀ ਆਪਣੇ ਪਲਾਟਾਂ ਵਿੱਚ ਪਏ ਕੂੜਾ-ਕਰਕਟ, ਗੰਦਗੀ ਅਤੇ ਮੀਂਹ ਕਾਰਨ ਖੜ੍ਹੇ ਗੰਦੇ ਪਾਣੀ ਦੀ ਤੁਰੰਤ ਸਫ਼ਾਈ ਕਰਵਾਉਣਗੇ। ਇਸ ਦੇ ਨਾਲ-ਨਾਲ ਹਰ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਵੀ ਲਾਜ਼ਮੀ ਹੋਵੇਗੀ, ਤਾਂ ਜੋ ਉੱਥੇ ਕੂੜਾ ਸੁੱਟਣ ਤੋਂ ਰੋਕਿਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਖਾਲੀ ਪਲਾਟਾਂ ਵਿੱਚ ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਡੇਂਗੂ, ਮਲੇਰੀਆ, ਚਿਕਨਗੁਨੀਆ ਸਮੇਤ ਹੋਰ ਮੱਛਰ-ਜਨਿਤ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਰਵਾਈ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਐਕਟ-1976, ਐਨਵਾਇਰਨਮੈਂਟ (ਪ੍ਰੋਟੈਕਸ਼ਨ) ਐਕਟ-1986, ਮਿਊਂਸੀਪਲ ਸੋਲਿਡ ਵੇਸਟ ਰੂਲਜ਼-2016 ਅਤੇ ਪੰਜਾਬ ਪੰਚਾਇਤ ਰਾਜ ਐਕਟ-1994 ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾਵੇਗੀ।