ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਤੋਂ ਭੜਕੀ ਕਾਂਗਰਸ, ਕਾਰਵਾਈ ਦੀ ਮੰਗ ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਤੋਂ ਭੜਕੀ ਕਾਂਗਰਸ, ਕਾਰਵਾਈ ਦੀ ਕੀਤੀ ਮੰਗ
Publish Date: Fri, 04 Sep 2026 06:25 PM (IST)
Updated Date: Fri, 04 Sep 2026 06:28 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਾਜ਼ਿਲਕਾ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਕਥਿਤ ਅਪਮਾਨ ਅਤੇ ਇਸ ਮਾਮਲੇ ਨੂੰ ਲੈ ਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਆਵਾਜ਼ ਉਠਾਏ ਜਾਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦਾ ਵਿਰੋਧ ਕੀਤਾ ਗਿਆ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੱਲੂਆਣਾ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਦੋਸ਼ ਲਗਾਇਆ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਦਲਿਤ ਹੋਣ ਕਾਰਨ ਕਥਿਤ ਤੌਰ ’ਤੇ ‘ਸ਼ੁੱਧੀਕਰਨ’ ਦੇ ਨਾਂ ’ਤੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਅਤੇ ਅਜਿਹੇ ਕਥਿਤ ਕਾਰੇ ਸਮਾਜਿਕ ਬਰਾਬਰੀ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹਨ। ਭੱਟੀ ਨੇ ਕਿਹਾ ਕਿ ਖੜਗੇ ਦੇ ਕਥਿਤ ਅਪਮਾਨ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਦਰਜ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਖੜਗੇ ਦੇ ਕਥਿਤ ਅਪਮਾਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ, ਲੋਕਤੰਤਰ ਅਤੇ ਸਮਾਜਿਕ ਬਰਾਬਰੀ ਦੀ ਰੱਖਿਆ ਲਈ ਹਮੇਸ਼ਾ ਸੰਘਰਸ਼ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਜਾਤੀ ਦੇ ਆਧਾਰ ’ਤੇ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਿੱਧੂ ਨੇ ਦੋਸ਼ ਲਗਾਇਆ ਕਿ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਰਾਹੁਲ ਗਾਂਧੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫਆਈਆਰ ਵਾਪਸ ਲਈ ਜਾਵੇ ਅਤੇ ਖੜਗੇ ਦੇ ਕਥਿਤ ਅਪਮਾਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਪ੍ਰਾਪਤ ਹਨ ਅਤੇ ਸੰਵਿਧਾਨ ਹਰੇਕ ਵਿਅਕਤੀ ਨੂੰ ਸਨਮਾਨ ਨਾਲ ਜੀਣ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਮਾਜਿਕ ਨਿਆਂ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਮੁੱਦੇ ’ਤੇ ਆਪਣੀ ਆਵਾਜ਼ ਅੱਗੇ ਵੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ। ਇਸ ਮੌਕੇ ਸਾਬਕਾ ਮੰਤਰੀ ਹੰਸਰਾਜ ਜੋਸਨ, ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਓਬੀਸੀ ਸੈੱਲ ਦੇ ਸਾਬਕਾ ਚੇਅਰਮੈਨ ਰਾਜਬਖਸ਼ ਕੰਬੋਜ, ਮੈਡਮ ਰਾਜਿੰਦਰ ਕੌਰ ਬੱਲੂਆਣਾ, ਬਲਾਕ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਸੁਮਿਤ ਛਾਬੜਾ, ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਕੌਸ਼ਲ ਬੂਕ ਸਮੇਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।