ਵਿਸ਼ੇਸ਼ ਗਹਿਰੀ ਸੁਧਾਈ ਦੇ ਮੁੱਦੇ ’ਤੇ ਕਾਂਗਰਸ ਦੀ ਲਾਮਬੰਦੀ ਤੇਜ਼ ਵਿਸ਼ੇਸ਼ ਗਹਿਰੀ ਸੁਧਾਈ ਦੇ ਮੁੱਦੇ ’ਤੇ ਕਾਂਗਰਸ ਦੀ ਲਾਮਬੰਦੀ ਤੇਜ਼
Publish Date: Thu, 29 Oct 2026 04:15 PM (IST)
Updated Date: Fri, 30 Oct 2026 04:01 AM (IST)
‘ਵੋਟ ਚੋਰੀ’ ਖ਼ਿਲਾਫ਼ 1 ਨਵੰਬਰ ਨੂੰ ਦਿੱਲੀ ’ਚ ਹੋਵੇਗਾ ਪ੍ਰਦਰਸ਼ਨ, ਯੋਗ ਵੋਟਰਾਂ ਦੇ ਨਾਂ ਨਾ ਕੱਟਣ ਦੇਣ ਲਈ ਬੂਥ ਲੈਵਲ ਏਜੰਟ ਨੂੰ ਚੌਕਸ ਰਹਿਣ ਦੀ ਅਪੀਲ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਵੀ ਉੱਠੀ ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਵਿਸ਼ੇਸ਼ ਗਹਿਰੀ ਸੁਧਾਈ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਚਾਂਦੀ ਰਾਮ ਮੁੰਜਲ ਧਰਮਸ਼ਾਲਾ ਵਿਖੇ ਕਾਂਗਰਸੀ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸ ਦੇ ਅਬਜ਼ਰਵਰ ਉਮੇਦਾਰਾਮ ਬੈਨੀਵਾਲ ਵਿਸ਼ੇਸ਼ ਤੌਰ ਤੇ ਪੁੱਜੇ। ਮੀਟਿੰਗ ਦੌਰਾਨ ਕਾਂਗਰਸ ਦੇ ਅਬਜ਼ਰਵਰ ਨੇ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਨਾਮ ਤੇ ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੀਆਂ ਗਈਆਂ ਹਨ। ਉਨ੍ਹਾਂ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਪਾਰਟੀ ਦੇ ਬੂਥ ਲੈਵਲ ਏਜੰਟਾਂ ਨੂੰ ਆਪੋ-ਆਪਣੇ ਖੇਤਰ ਦੀਆਂ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਵੋਟ ਹਰ ਨਾਗਰਿਕ ਦਾ ਅਹਿਮ ਲੋਕਤੰਤਰੀ ਅਧਿਕਾਰ ਹੈ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਵਿੱਚੋਂ ਗਲਤ ਤਰੀਕੇ ਨਾਲ ਨਹੀਂ ਕੱਟਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟ ਵੋਟਰ ਸੂਚੀਆਂ ਦੀ ਜਾਂਚ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਯੋਗ ਵੋਟਰ ਦਾ ਨਾਂ ਗਾਇਬ ਹੋਣ ਦੇ ਮਾਮਲੇ ਨੂੰ ਤੁਰੰਤ ਧਿਆਨ ਵਿੱਚ ਲਿਆਉਣ, ਤਾਂ ਜੋ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਵਾਈ ਜਾ ਸਕੇ। ਇਸ ਮੌਕੇ ਬਲਾਕ ਦਿਹਾਤੀ ਪ੍ਰਧਾਨ ਸ਼ਿੰਦਰ ਮਹਾਲਮ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸਹੀ ਜਾਂਚ ਕਰਨਾ ਹਰ ਬੂਥ ਲੈਵਲ ਏਜੰਟ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇਸ ਮੁੱਦੇ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸਰਗਰਮ ਰਹਿਣ। ਉਨ੍ਹਾਂ ਪਾਰਟੀ ਵਰਕਰਾਂ ਨੂੰ 1 ਨਵੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਆਗੂਆਂ ਨੇ ਦੱਸਿਆ ਕਿ 1 ਨਵੰਬਰ ਨੂੰ ਦਿੱਲੀ ਵਿਖੇ ਇੰਡੀਆ ਬਲਾਕ ਵੱਲੋਂ ਕਥਿਤ ‘ਵੋਟ ਚੋਰੀ’ ਦੇ ਮੁੱਦੇ ’ਤੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੇ ਅਧਿਕਾਰਾਂ ਅਤੇ ਲੋਕਤੰਤਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨ ਲਈ ਵਰਕਰਾਂ ਦੀ ਸ਼ਮੂਲੀਅਤ ਅਹਿਮ ਹੈ। ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਮੰਤਰੀ ਹੰਸਰਾਜ ਜੋਸਨ, ਕਾਂਗਰਸ ਓਬੀਸੀ ਸੈੱਲ ਦੇ ਸਾਬਕਾ ਚੇਅਰਮੈਨ ਰਾਜ ਬਖਸ਼ ਕੰਬੋਜ, ਬਲਾਕ ਦਿਹਾਤੀ ਪ੍ਰਧਾਨ ਸ਼ਿੰਦਰ ਮਾਹਲ, ਬਲਾਕ ਸ਼ਹਿਰੀ ਪ੍ਰਧਾਨ ਸੁਮੀਤ ਛਾਬੜਾ, ਸਾਬਕਾ ਪ੍ਰਧਾਨ ਬੰਟੀ ਵਾਟਸ, ਗੁਰਜੋਤ ਸੰਧੂ ਅਤੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਆਬਜ਼ਰਵਰ ਰੂਬੀ ਗਿੱਲ ਤੇ ਅੰਮ੍ਰਿਤਪਾਲ ਸਿੰਘ ਨੀਲਾ ਮਦਾਨ ਸਮੇਤ ਹੋਰ ਆਗੂ ਮੌਜੂਦ ਸਨ।