ਲੋਕ ਆਵਾਜ਼ ਬਣਨ ਲਈ ਕਾਂਗਰਸ ਵਚਨਬੱਧ : ਰਾਜ ਬਖ਼ਸ਼ ਕੰਬੋਜ
ਜਲਾਲਾਬਾਦ ਦੇ ਲੋਕਾਂ ਦੀ ਅਵਾਜ਼ ਬਣ ਕੇ 2027 ਚੋਣਾਂ ਲੜੇਗੀ ਕਾਂਗਰਸ: ਰਾਜ ਬਖਸ਼ ਕੰਬੋਜ
Publish Date: Fri, 03 Apr 2026 03:56 PM (IST)
Updated Date: Fri, 03 Apr 2026 03:58 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਲੋਕ ਮੁੱਦਿਆਂ ਨੂੰ ਕੇਂਦਰ ’ਚ ਰੱਖਦਿਆਂ ਰਾਜਨੀਤਕ ਗਤੀਵਿਧੀਆਂ ਵਿੱਚ ਤੇਜ਼ੀ ਲਿਆਈ ਜਾ ਰਹੀ ਹੈ। ਜਲਾਲਾਬਾਦ ਦੇ ਵਿਜੇ ਨਗਰ ਕਾਲੋਨੀ ਵਿੱਚ ਵਿਸ਼ਾਲ ਛਾਬੜਾ ਦੇ ਨਿਵਾਸ ਸਥਾਨ ‘ਤੇ ਕਾਂਗਰਸ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਚੇਅਰਮੈਨ ਤੇ ਪੰਜਾਬ ਇਲੈਕਸ਼ਨ ਕਮੇਟੀ ਦੇ ਮੈਂਬਰ ਰਾਜ ਬਖਸ਼ ਕੰਬੋਜ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ, ਵਪਾਰ ਵਿੱਚ ਮੰਦੀ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਸਥਿਤੀ ਵਿੱਚ ਇੱਕ ਅਜਿਹੀ ਪਾਰਟੀ ਦੀ ਲੋੜ ਹੈ ਜੋ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਨੂੰ ਰਾਹਤ ਦੇ ਸਕੇ, ਅਤੇ ਇਹ ਜ਼ਿੰਮੇਵਾਰੀ ਕਾਂਗਰਸ ਪਾਰਟੀ ਬਖੂਬੀ ਨਿਭਾਅ ਸਕਦੀ ਹੈ। ਰਾਜ ਬਖਸ਼ ਕੰਬੋਜ ਨੇ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਮੱਧ ਵਰਗ ਦੇ ਹਿੱਤਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ, ਕਿਸਾਨਾਂ ਨੂੰ ਫਸਲਾਂ ਦਾ ਉਚਿਤ ਮੁੱਲ, ਵਪਾਰੀਆਂ ਨੂੰ ਸੁਰੱਖਿਆ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹਨਾਂ ਸਾਰੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾ ਰਹੀ ਹੈ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀ ਅਵਾਜ਼ ਬਣਨ ਲਈ ਵਚਨਬੱਧ ਹੈ।