ਜੂਡੀਸ਼ੀਅਲ ਕੋਰਟ ਕੰਪਲੈਕਸ ’ਚ ਸੰਵਿਧਾਨ ਦਿਵਸ ਮਨਾਇਆ
ਫਾਜ਼ਿਲਕਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
Publish Date: Wed, 26 Nov 2025 04:20 PM (IST)
Updated Date: Wed, 26 Nov 2025 04:23 PM (IST)

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ ਫਾਜ਼ਿਲਕਾ : ਜੂਡੀਸ਼ੀਅਲ ਕੋਰਟ ਕੰਪਲੈਕਸ ਫਾਜ਼ਿਲਕਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਫਾਜ਼ਿਲਕਾ ਵਿੱਚ ਸੰਵਿਧਾਨ ਦਿਵਸ ਸ਼ਾਨ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਫਾਜ਼ਿਲਕਾ ਕੋਰਟ ਕੰਪਲੈਕਸ ਦੇ ਸਾਰੇ ਜੱਜ ਸਾਹਿਬਾਨ, ਬਾਰ ਐਸੋਸੀਏਸ਼ਨ ਫਾਜ਼ਿਲਕਾ ਦੇ ਮੈਂਬਰ, ਐੱਸਐੱਸਪੀ ਫਾਜ਼ਿਲਕਾ, ਜੁਡੀਸ਼ਲ ਕੋਰਟ ਕੰਪਲੈਕਸ ਦੇ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।ਇਹ ਸਮਾਗਮ ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਮਾਣਯੋਗ ਸੈਸ਼ਨ ਜੱਜ ਸਾਹਿਬ, ਫਾਜ਼ਿਲਕਾ ਵੱਲੋਂ ਫਾਜ਼ਿਲਕਾ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਉਪਰ ਰਾਸ਼ਟਰੀ ਝੰਡਾ ਫਹਿਰਾਇਆ ਗਿਆ ਅਤੇ ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਫਾਜ਼ਿਲਕਾ ਦੇ ਬੱਚਿਆਂ ਵੱਲੋਂ ਰਾਸ਼ਟਰੀ ਗਾਨ ਗਾਇਆ ਗਿਆ, ਜਿਸ ਨਾਲ ਸਮਾਗਮ ਦੀ ਸ਼ੁਰੂਆਤ ਗੌਰਵ ਅਤੇ ਦੇਸ਼ਭਕਤੀ ਨਾਲ ਭਰਪੂਰ ਹੋ ਗਈ। ਇਸ ਦੇ ਤਤਕਾਲ ਬਾਅਦ ਤਿਰੰਗੇ ਰੰਗਾਂ ਦੇ ਗੁਬਾਰੇ ਆਕਾਸ਼ ਵਿੱਚ ਛੱਡੇ ਗਏ, ਜਿਸ ਨਾਲ ਪੂਰਾ ਪ੍ਰੰਗਣ ਰਾਸ਼ਟਰੀ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਜੱਜ ਧਰਮਿੰਦਰ ਪਾਲ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਮੌਲਿਕ ਅਧਿਕਾਰਾਂ ਅਤੇ ਕਰਤੱਬਾਂ ਦੀ ਮਹੱਤਤਾ ਨਾਲ ਜਾਣੂ ਕਰਾਉਂਦਾ ਹੈ ਅਤੇ ਹਰ ਨਾਗਰਿਕ ਨੂੰ ਨਿਆਂ ਦੀ ਪਾਲਣਾ ਅਤੇ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਬਾਰੇ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਉਦੇਸ਼ ਹਰ ਵਰਗ ਦੇ ਵਿਅਕਤੀ ਤੱਕ ਸਸਤੀ, ਤੇਜ਼ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪਹੁੰਚਾਉਣਾ ਹੈ। ਸਮਾਗਮ ਦੌਰਾਨ ਸੰਵਿਧਾਨ ਦੀ ਮਹੱਤਤਾ, ਕਾਨੂੰਨੀ ਸਾਵਧਾਨੀ ਅਤੇ ਨਿਆਇਕ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸਾਰੇ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਅਤੇ ਮਹਿਮਾਨਾਂ ਨੇ ਸੰਵਿਧਾਨ ਦੀ ਪ੍ਰੀਐਂਬਲ ਦਾ ਸਮੂਹਕ ਪਾਠ ਕਰਕੇ ਰਾਸ਼ਟਰ ਪ੍ਰਤੀ ਆਪਣੀ ਨਿਸ਼ਠਾ ਦੁਹਰਾਈ।