ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਵੱਲੋਂ ਧਰਨਾ 26 ਤੇ 27 ਫਰਵਰੀ ਨੂੰ
ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਵੱਲੋਂ 26 ਫਰਵਰੀ ਨੂੰ ਏਐਲਸੀ ਅਤੇ 27 ਨੂੰ ਲੇਬਰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ
Publish Date: Wed, 21 Jan 2026 06:30 PM (IST)
Updated Date: Wed, 21 Jan 2026 06:33 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਪੰਜਾਬ ਦੀ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਬੱਸ ਸਟੈਂਡ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਬੋਹੜ ਸਿੰਘ ਸੁਖਨਾ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਜ਼ਿਲਿਆਂ ਤੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਆਪਣੇ ਜਿਲਿਆਂ ਵਿੱਚ ਕਿਰਤ ਵਿਭਾਗ ਦੇ ਦਫਤਰਾਂ ਵਿੱਚ ਉਸਾਰੀ ਕਿਰਤੀਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਅਤੇ ਇਹਨਾਂ ਪਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਬਾਰੇ ਸੂਬਾ ਕਮੇਟੀ ਵਿੱਚ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਯੂਨੀਅਨ ਦੇ ਜਨਰਲ ਸੈਕਟਰੀ ਸਾਥੀ ਸੁਖਦੇਵ ਸ਼ਰਮਾ ਨੇ ਵਿਸਤਾਰ ਪੁਰਵਕ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਕੀਮਾਂ ਲਾਭਾਂ ਬਾਰੇ ਬੋਲਦਿਆਂ ਕਿਹਾ ਕਿ ਭਾਵੇਂ ਕਿਰਤੀਆਂ ਲਈ ਇਸ ਬਣੇ ਕਾਨੂੰਨ ਤਹਿਤ ਅਨੇਕਾਂ ਹੱਕ ਮਿਲੇ ਹਨ ਪਰੰਤੂ ਕਿਰਤ ਵਿਭਾਗ ਦੇ ਦਫਤਰਾਂ ਵਿੱਚ ਕਿਰਤੀਆਂ ਦੀ ਹੋਰ ਹੀ ਖੱਜਲ ਖੁਾਰੀ ਕਾਰਨ ਉਹ ਇਹਨਾਂ ਹੱਕਾਂ ਤੋਂ ਵਾਂਝੇ ਹੋ ਰਹੇ ਹਨ। ਸੂਬਾ ਪੱਧਰੀ ਸੱਦੀ ਇਸ ਮੀਟਿੰਗ ਵਿੱਚ ਯੂਨੀਅਨ ਨੇ ਸਖਤ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਉਹ ਸਾਰੀ ਕਿਰਤੀਆਂ ਦੇ ਹੱਕਾਂ ਦੀ ਪ੍ਰਾਪਤੀ ਅਤੇ ਉਨਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਦੇ ਖਿਲਾਫ 26 ਫਰਵਰੀ ਨੂੰ ਅਸਿਸਟੈਂਟ ਲੇਬਰ ਕਮਿਸ਼ਨਰ ਦਫਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ ਅਤੇ ਫਿਰ ਵੀ ਜੇਕਰ ਮਸਲੇ ਹੱਲ ਨਹੀਂ ਹੁੰਦੇ ਤਾਂ 27 ਮਾਰਚ ਨੂੰ ਪੰਜਾਬ ਦੇ ਕਿਰਤ ਵਿਭਾਗ ਦੇ ਦਫਤਰ ਦੇ ਸਾਹਮਣੇ ਸੂਬਾ ਪਧਰੀ ਧਰਨਾ ਦਿੱਤਾ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ ਨੇ ਕਿਹਾ ਕਿ ਜੇਕਰ ਫਿਰ ਵੀ ਲੇਬਰ ਡਿਪਾਰਟਮੈਂਟ ਹਰਕਤ ਵਿੱਚ ਨਹੀਂ ਆਉਂਦਾ ਤਾਂ ਸੰਘਰਸ਼ ਦੇ ਅਗਲੇ ਪੜਾਅ ਵਿੱਚ ਕਿਰਤ ਵਿਭਾਗ ਦੇ ਪੰਜਾਬ ਸਰਕਾਰ ਦੇ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।