- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁੱਕੜ/ਸ਼ਰਮਾ, ਪੰਜਾਬੀ ਜਾਗਰਣ ਅਬੋਹਰ :
ਕੁੱਕੜ/ਸ਼ਰਮਾ, ਪੰਜਾਬੀ ਜਾਗਰਣ
ਅਬੋਹਰ : ਭਾਰਤੀ ਜਨਤਾ ਪਾਰਟੀ ਵੱਲੋਂ ਅਬੋਹਰ ਵਿੱਚ ਕਰਵਾਈ ਗਈ ਓਬੀਸੀ ਕਾਨਫਰੰਸ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ। ਰੈਲੀ ਦੌਰਾਨ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਓਬੀਸੀ ਵਰਗ ਦੀ ਭਲਾਈ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਪ੍ਰਦੇਸ਼ ਸਾਬਕਾ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਸੰਦੀਪ ਜਾਖੜ,ਆਲ ਸੈੱਲ ਭਾਜਪਾ ਇੰਚਾਰਜ ਰੰਜਮ ਕਾਮਰਾ ਮੌਜੂਦ ਹਨ। ਰੈਲੀ ਦੀ ਸ਼ੁਰੂਆਤ ’ਚ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਸਰਕਾਰ ਆਉਣ ’ਤੇ ਚੁਣ-ਚੁਣ ਕੇ ਹਿਸਾਬ ਲਿਆ ਜਾਵੇਗਾ : ਸੁਨੀਲ ਜਾਖੜ
ਸੁਨੀਲ ਜਾਖੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਪਿਆਰ ਅਤੇ ਭਾਈਚਾਰੇ ਦੀ ਮਿਸਾਲ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕ ਗਲੇ ਲਗਾਉਣ ਵਾਲੇ ਹਾਂ, ਪਰ ਜਿਹੜੇ ਲੋਕ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਬਣਨ ’ਤੇ ਚੁਣ-ਚੁਣ ਕੇ ਹਿਸਾਬ ਲਿਆ ਜਾਵੇਗਾ। ਜਾਖੜ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ।
ਅਬੋਹਰ ਦੇ ਲੋਕਾਂ ਨੇ ਕਮਾਲ ਕਰ ਦਿੱਤਾ, ਪੰਜਾਬ ਦੀ ਪਹਿਲੀ ਕਾਰਪੋਰੇਸ਼ਨ ਬਣਾਈ : ਕੇਵਲ ਢਿੱਲੋਂ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਬੋਹਰ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ, ਜਿਨ੍ਹਾਂ ਨੇ ਪੰਜਾਬ ਦੀ ਪਹਿਲੀ ਨਗਰ ਕਾਰਪੋਰੇਸ਼ਨ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਸਤਿਆਨਾਸ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ, ਪਰ ਇਸ ਦੌਰਾਨ ਇੱਕ ਵੀ ਨਵਾਂ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਯਕੀਨੀ ਬਣਾਈ ਜਾਵੇਗੀ ਅਤੇ ਸੂਬੇ ਨੂੰ ਮੁੜ ਖੁਸ਼ਹਾਲੀ ਦੇ ਰਾਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਚੁਟਕਲੇ ਨਹੀਂ ਸੁਣਾਉਂਦਾ, ਸਗੋਂ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਦਾ ਹਾਂ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹਾਂ।
ਪੰਜਾਬ ਅੰਦਰ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਚਿੰਤਾਜਨਕ ਢੰਗ ਨਾਲ ਵੱਧ ਰਹੀ : ਸੈਣੀ
ਹਰਿਆਣਾ ਦੇ ਸੀਐੱਮ ਸੈਣੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਚਿੰਤਾਜਨਕ ਢੰਗ ਨਾਲ ਵੱਧ ਰਹੀ ਹੈ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ, ਪਰ ਇਹ ਦੇਸ਼ ਦੀ ਸਭ ਤੋਂ ਝੂਠੀ ਪਾਰਟੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਖਰੜ ਵਿੱਚ ਈਡੀ ਦੀ ਰੇਡ ਦੌਰਾਨ ਹੋਏ ਖੁਲਾਸਿਆਂ ਤੋਂ ਸਾਬਤ ਹੋ ਗਿਆ ਹੈ ਕਿ ‘ਆਪ’ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਰੈਲੀ ਸਿਰਫ਼ ਟ੍ਰੇਲਰ ਹੈ, ਅਸਲ ਤਸਵੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਹਮਣੇ ਆਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਜਲਦ ਹੀ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਵੇਗੀ।
ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਸੈਣੀ ਨੇ ਕਿਹਾ ਕਿ ਸਰਕਾਰ ਨੇ ਡੇਢ ਸਾਲ ਪਹਿਲਾਂ 217 ਸੰਕਲਪ ਲਏ ਸਨ, ਜਿਨ੍ਹਾਂ ’ਚੋਂ 63 ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵੀ ਜਲਦ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਪਹਿਲੇ ਸਾਲ ਦੌਰਾਨ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਮਰੀਜ਼ ਨੂੰ ਇਲਾਜ ਲਈ ਖਰਚ ਨਹੀਂ ਕਰਨਾ ਪੈਂਦਾ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਪਹਿਲੇ ਸਾਲ ਦੌਰਾਨ ਮਹਿਲਾਵਾਂ ਦੇ ਖਾਤਿਆਂ ਵਿੱਚ 1600 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ, ਜਦਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿ ਹਰਿਆਣਾ ਅੰਦਰ ਸਾਡੀ ਸਰਕਾਰ ਨੇ ਕਿਸਾਨ ਨੂੰ 400 ਕਰੋੜ ਰੁਪਿਆ ਕਿਸਾਨਾਂ ਦੀਆਂ ਫਸਲਾਂ ਦਾ ਦਿੱਤਾ ਹੈ।