10 ਦਸੰਬਰ ਦੀ ਸੰਗਰੂਰ ਰੈਲੀ ਲਈ ਸੀਪੀਆਈ ਵੱਲੋਂ ਜ਼ੋਰਦਾਰ ਤਿਆਰੀਆਂ, ਜ਼ਿਲ੍ਹੇ ਤੋਂ 200 ਤੋਂ ਵੱਧ ਕਾਰਕੁੰਨ ਹੋਣਗੇ ਸ਼ਾਮਲ 10 ਦਸੰਬਰ ਦੀ ਸੰਗਰੂਰ ਰੈਲੀ ਲਈ ਸੀਪੀਆਈ ਵੱਲੋਂ ਜ਼ੋਰਦਾਰ ਤਿਆਰੀਆਂ, ਜ਼ਿਲ੍ਹੇ ਤੋਂ 200 ਤੋਂ ਵੱਧ ਕਾਰਕੁੰਨ ਹੋਣਗੇ ਸ਼ਾਮਲ
Publish Date: Thu, 26 Nov 2026 05:12 PM (IST)
Updated Date: Fri, 27 Nov 2026 04:05 AM (IST)
10 ਦਸੰਬਰ ਦੀ ਸੰਗਰੂਰ ਰੈਲੀ ਲਈ ਸੀਪੀਆਈ ਵੱਲੋਂ ਜ਼ੋਰਦਾਰ ਤਿਆਰੀਆਂ, ਜ਼ਿਲ੍ਹੇ ਤੋਂ 200 ਤੋਂ ਵੱਧ ਕਾਰਕੁੰਨ ਹੋਣਗੇ ਸ਼ਾਮਲ -ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ ਸਾਬਤ : ਕਾਮਰੇਡ ਜਤਿੰਦਰਪਾਲ ਸਿੰਘ ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਸੀਪੀਆਈ (ਐੱਮ) ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਾਂ ਨਾਲ ਕੀਤੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ 10 ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸ਼ਹੀਦ ਊਧਮ ਸਿੰਘ ਪਾਰਕ ਫਾਜ਼ਿਲਕਾ ਵਿਖੇ ਸੀਪੀਆਈ (ਐੱਮ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਵਣਜਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੀਆਂ ਤਿੰਨਾਂ ਤਹਿਸੀਲਾਂ ਅਬੋਹਰ, ਫਾਜ਼ਿਲਕਾ ਅਤੇ ਜਲਾਲਾਬਾਦ ਤੋਂ 200 ਤੋਂ ਵੱਧ ਪਾਰਟੀ ਕਾਰਕੁੰਨ ਰੈਲੀ ਵਿੱਚ ਸ਼ਾਮਲ ਹੋਣਗੇ। ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ, ਜਦਕਿ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ 10 ਦਸੰਬਰ ਦੀ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵੱਲੋਂ ਸੂਬੇ ਭਰ ਵਿੱਚ ਪਿੰਡ ਪੱਧਰ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਾਮਰੇਡ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਠੇਕੇ ਤੇ ਭਰਤੀ ਬੰਦ ਕਰਕੇ ਪੱਕੀ ਭਰਤੀ ਸ਼ੁਰੂ ਕਰੇ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ ਅਤੇ ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਮੁੜ ਲਾਗੂ ਕੀਤੇ ਜਾਣ। ਉਨ੍ਹਾਂ ਚੰਡੀਗੜ੍ਹ ਪੰਜਾਬ ਨੂੰ ਦੇਣ, ਪਾਣੀਆਂ ਦੇ ਮਸਲੇ ਹੱਲ ਕਰਨ, ਕਿਸਾਨਾਂ ਦੀਆਂ ਫ਼ਸਲਾਂ ਤੇ ਐੱਮਐੱਸਪੀ ਦੇਣ ਅਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਲਈ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਦਿੱਤਾ ਜਾਵੇ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ, ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ ਅਤੇ ਸ਼ਹਿਰੀ ਇਲਾਕਿਆਂ ਵਿੱਚ ਪ੍ਰਾਪਰਟੀ ਟੈਕਸ ਖ਼ਤਮ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਜਤਿੰਦਰਪਾਲ ਸਿੰਘ ਨੇ ਜ਼ਿਲ੍ਹਾ ਕਮੇਟੀ ਮੈਂਬਰਾਂ ਨਾਲ ਪੰਜਾਬ ਅਤੇ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ 10 ਦਸੰਬਰ ਦੀ ਰੈਲੀ ਦੀ ਸਫਲਤਾ ਲਈ ਪੂਰੀ ਤਨਦੇਹੀ ਨਾਲ ਜੁਟਣ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਕਾਮਰੇਡ ਸੁਖਪਾਲ ਕੌਰ, ਕਾਮਰੇਡ ਵਣਜਾਰ ਸਿੰਘ, ਗੁਰਮੀਤ ਸਿੰਘ, ਕਾਮਰੇਡ ਹਰਭਜਨ ਸਿੰਘ ਖੁੰਗਰ, ਕਾਮਰੇਡ ਮੋਹਨ ਲਾਲ ਪੈਂਚਾਂ ਵਾਲੀ, ਕਾਮਰੇਡ ਹਰੀਸ਼ ਕਬੋਜ, ਕਾਮਰੇਡ ਓਮ ਪ੍ਰਕਾਸ਼ ਅਤੇ ਕਾਮਰੇਡ ਰਾਜਾ ਸਿੰਘ ਹਾਜ਼ਰ ਸਨ। ਇਸ ਮੌਕੇ ਕਾਮਰੇਡ ਸੁਖਪਾਲ ਕੌਰ, ਕਾਮਰੇਡ ਹਰਭਜਨ ਸਿੰਘ ਖੁੰਗਰ, ਕਾਮਰੇਡ ਗੁਰਮੀਤ ਸਿੰਘ, ਕਾਮਰੇਡ ਹਰੀਸ਼ ਚੰਦਰ ਕਬੋਜ ਅਤੇ ਕਾਮਰੇਡ ਮੋਹਨ ਲਾਲ ਪੈਂਚਾਂ ਵਾਲੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਪਾਰਟੀ ਦੇ ਵਿਛੜ ਚੁੱਕੇ ਸਾਬਕਾ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰੇਮ ਚੰਦ ਰੱਕੜ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੇ ਫੈਸਲਿਆਂ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਾਮਰੇਡ ਹਰਭਜਨ ਸਿੰਘ ਖੁੰਗਰ ਨੇ ਦੱਸਿਆ ਕਿ ਰੈਲੀ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਭਰ ਤੋਂ ਪਾਰਟੀ ਕਾਰਕੁੰਨ ਵੱਡੀ ਗਿਣਤੀ ਵਿੱਚ ਸੰਗਰੂਰ ਪਹੁੰਚਣਗੇ।