ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ: ਫਾਜ਼ਿਲਕਾ ਸਰਹੱਦ ਤੋਂ 6.5 ਕਿਲੋ ਹੈਰੋਇਨ ਬਰਾਮਦ, ਪੰਜਾਬ ਪੁਲਿਸ ਤੇ BSF ਦਾ ਸਾਂਝਾ ਐਕਸ਼ਨ
DGP Punjab ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ।
Publish Date: Sat, 21 Mar 2026 03:29 PM (IST)
Updated Date: Sat, 21 Mar 2026 03:32 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ/ਫਿਰੋਜ਼ਪੁਰ : ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।
ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।